banner
ArticleSikhism Belief

Rehat Maryada in Punjabi by SGPC Amritsar

Sikh Religion's Code of Conduct, Set of Rules to Practice Sikhism

Sikh Rehat Maryada in Punjabi

Rehat Maryada in Sikhism is a Set of Protocols to practice religion.

ੴ ਸਤਿਗੁਰ ਪ੍ਰਸਾਦਿ॥

ਸਿੱਖ ਰਹਿਤ ਮਰਯਾਦਾ

ਸਿੱਖ ਦੀ ਤਾਰੀਫ਼

ਜੋ ਇਸਤਰੀ ਜਾਂ ਪੁਰਸ਼ ਇਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ (ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ), ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਿਆ ਅਤੇ ਦਸਮੇਸ਼ ਜੀ ਦੇ ਅੰਮ੍ਰਿਤ ਉੱਤੇ ਨਿਸ਼ਚਾ ਰੱਖਦਾ ਹੈ ਅਤੇ ਕਿਸੇ ਹੋਰ ਧਰਮ ਨੂੰ ਨਹੀਂ ਮੰਨਦਾ, ਉਹ ਸਿੱਖ ਹੈ।

ਸਿੱਖ ਦੀ ਰਹਿਣੀ ਦੋ ਤਰ੍ਹਾਂ ਦੀ ਹੈ, - ਸ਼ਖਸੀ ਤੇ ਪੰਥਕ

1. ਸ਼ਖਸੀ ਰਹਿਣੀ

1) ਨਾਮ ਬਾਣੀ ਦਾ ਅਭਿਆਸ।
2) ਗੁਰਮਤਿ ਦੀ ਰਹਿਣੀ।
3) ਸੇਵਾ।

1. ਨਾਮ ਬਾਣੀ ਦਾ ਅਭਿਆਸ

1. ਸਿੱਖ ਅੰਮ੍ਰਿਤ ਵੇਲੇ (ਪਹਿਰ ਰਾਤ ਰਹਿੰਦੀ) ਜਾਗ ਕੇ ਇਸ਼ਨਾਨ ਕਰੇ ਅਤੇ ਇਕ ਅਕਾਲ ਪੁਰਖ ਦਾ ਧਿਆਨ ਕਰਦਾ ਹੋਇਆ ‘ਵਾਹਿਗੁਰੂ’ ਨਾਮ ਜਪੇ।
2. ਨਿਤਨੇਮ ਦਾ ਪਾਠ ਕਰੇ। ਨਿਤਨੇਮ ਦੀਆਂ ਬਾਣੀਆਂ ਇਹ ਹਨ:-
ਜਪੁ, ਜਾਪੁ ਅਤੇ 10 ਸਵੱਯੇ (‘ਸ੍ਰਾਵਗ ਸੁਧ’ ਵਾਲੇ)- ਇਹ ਬਾਣੀਆਂ ਅੰਮ੍ਰਿਤ ਵੇਲੇ ਪੜ੍ਹਨੀਆਂ।
ਸੋ ਦਰੁ ਰਹਿਰਾਸ – ਸ਼ਾਮ ਵੇਲੇ ਸੂਰਜ ਡੁੱਬੇ ਪੜ੍ਹਨੀ। ਇਸ ਵਿਚ ਇਹ ਬਾਣੀਆਂ ਸ਼ਾਮਲ ਹਨ:-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’ ਤਕ) ਬੇਨਤੀ ਚੌਪਈ ਪਾਤਸ਼ਾਹੀ 10 (‘ਹਮਰੀ ਕਰੋ ਹਾਥ ਦੈ ਰੱਛਾ’ ਤੋਂ ਲੈ ਕੇ ‘ਦੁਸਟ ਦੋਖ ਤੇ ਲੇਹੁ ਬਚਾਈ’ ਤਕ) ਸ੍ਵੈਯਾ (‘ਪਾਂਇ ਗਹੇ ਜਬ ਤੇ ਤੁਮਰੇ’) ਅਤੇ ਦੋਹਰਾ (‘ਸਗਲ ਦੁਆਰ ਕਉ ਛਾਡਿ ਕੈ’), ਅਨੰਦ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀ, ਮੁੰਦਾਵਣੀ ਤੇ ਸਲੋਕ ਮਹਲਾ 5 ‘ਤੇਰਾ ਕੀਤਾ ਜਾਤੋ ਨਾਹੀ’।
ਸੋਹਿਲਾ – ਇਹ ਬਾਣੀ ਰਾਤ ਨੂੰ ਸੌਣ ਵੇਲੇ ਪੜ੍ਹਨੀ।
ਅੰਮ੍ਰਿਤ ਵੇਲੇ ਅਤੇ ਸੋਦਰੁ ਵੇਲੇ ਦੇ ਨਿਤਨੇਮ ਤੋਂ ਉਪਰੰਤ ਅਰਦਾਸ ਕਰਨੀ ਜ਼ਰੂਰੀ ਹੈ।

3 (ੳ) ਅਰਦਾਸ ਇਹ ਹੈ :-

ੴ ਵਾਹਿਗੁਰੂ ਜੀ ਕੀ ਫ਼ਤਹ॥ ਸ੍ਰੀ ਭਗੌਤੀ ਜੀ ਸਹਾਇ.. ਤੋਂ ਲੈ ਕੇ ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ਤਕ।

(ਅ) ਅਰਦਾਸ ਹੋਣ ਸਮੇਂ ਸੰਗਤ ’ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।
(ੲ) ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ, ਪ੍ਰਵਾਨ ਹੈ।
(ਸ) ਜਦੋਂ ਕੋਈ ਖਾਸ ਅਰਦਾਸ ਕਿਸੇ ਇਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿਚ ਬੈਠੇ ਹੋਰਨਾਂ ਦਾ ਉਠਣਾ ਜ਼ਰੂਰੀ ਨਹੀਂ।

4. ਸਾਧ ਸੰਗਤ ਵਿਚ ਜੁੜ ਕੇ ਗੁਰਬਾਣੀ ਦਾ ਅਭਿਆਸ

ਗੁਰਦੁਆਰੇ

(ੳ) ਗੁਰਬਾਣੀ ਦਾ ਅਸਰ ਸਾਧ ਸੰਗਤ ’ਚ ਬੈਠਿਆਂ ਵਧੇਰੇ ਹੁੰਦਾ ਹੈ। ਇਸ ਲਈ ਸਿੱਖ ਲਈ ਉਚਿਤ ਹੈ ਕਿ ਸਿੱਖ ਸੰਗਤਾਂ ਦੇ ਜੋੜ-ਮੇਲ ਦੇ ਅਸਥਾਨਾਂ-ਗੁਰਦੁਆਰਿਆਂ ਦੇ ਦਰਸ਼ਨ ਕਰੇ ਤੇ ਸਾਧ ਸੰਗਤ ਵਿਚ ਬੈਠ ਕੇ ਗੁਰਬਾਣੀ ਤੋਂ ਲਾਭ ਉਠਾਵੇ।
(ਅ) ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਿਤਾ-ਪ੍ਰਤੀ ਹੋਵੇ। ਬਿਨਾਂ ਖਾਸ ਕਾਰਨ ਦੇ (ਜਦ ਕਿ ਪ੍ਰਕਾਸ਼ ਜਾਰੀ ਰੱਖਣ ਦੀ ਲੋੜ ਹੋਵੇ) ਰਾਤ ਨੂੰ ਪ੍ਰਕਾਸ਼ ਨਾ ਰਹੇ। ਆਮ ਤੌਰ ’ਤੇ ਰਹਰਾਸਿ ਦੇ ਪਾਠ ਮਗਰੋਂ ਸੁੱਖ-ਆਸਨ ਕੀਤਾ ਜਾਵੇ। ਜਦ ਤਕ ਗ੍ਰੰਥੀ ਜਾਂ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਲਈ ਹਾਜ਼ਰ ਰਹਿ ਸਕੇ ਜਾਂ ਪਾਠੀਆਂ, ਦਰਸ਼ਨ ਕਰਨ ਵਾਲਿਆਂ ਦੀ ਆਵਾਜਾਈ ਰਹੇ ਜਾਂ ਬੇਅਦਬੀ ਦਾ ਖਤਰਾ ਨਾ ਹੋਵੇ, ਤਦ ਤਕ ਪ੍ਰਕਾਸ਼ ਰਹੇ। ਉਪ੍ਰੰਤ ਸੁੱਖ ਆਸਨ ਕਰ ਦੇਣਾ ਉਚਿਤ ਹੈ, ਤਾਂ ਜੋ ਬੇਅਦਬੀ ਨਾ ਹੋਵੇ।
(ੲ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਨਮਾਨ ਨਾਲ ਪ੍ਰਕਾਸ਼ਿਆ, ਪੜ੍ਹਿਆ ਤੇ ਸੰਤੋਖਿਆ ਜਾਵੇ। ਪ੍ਰਕਾਸ਼ ਲਈ ਜ਼ਰੂਰੀ ਹੈ ਕਿ ਸਥਾਨ ਸਾਫ-ਸੁਥਰਾ ਹੋਵੇ। ਉਪਰ ਚਾਂਦਨੀ ਹੋਵੇ। ਪ੍ਰਕਾਸ਼ ਮੰਜੀ ਸਾਹਿਬ ’ਤੇ ਸਾਫ-ਸੁਥਰੇ ਬਸਤਰ ਵਿਛਾ ਕੇ ਕੀਤਾ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਭਾਲ ਕੇ ਪ੍ਰਕਾਸ਼ਨ ਲਈ ਗਦੇਲੇ ਆਦਿ ਸਮਿਆਨ ਵਰਤੇ ਜਾਣ ਅਤੇ ਉਪਰ ਲਈ ਰੁਮਾਲ ਹੋਵੇ। ਜਦ ਪਾਠ ਨਾ ਹੁੰਦਾ ਹੋਵੇ, ਤਾਂ ਉੱਤੇ ਰੁਮਾਲ ਪਿਆ ਰਹੇ। ਪ੍ਰਕਾਸ਼ ਵੇਲੇ ਚੌਰ ਭੀ ਚਾਹੀਏ।
(ਸ) ਉਪਰ ਦੱਸੇ ਸਾਮਾਨ ਤੋਂ ਇਲਾਵਾ ਧੂਪ ਜਾਂ ਦੀਵੇ ਮਚਾ ਕੇ ਆਰਤੀ ਕਰਨੀ, ਭੋਗ ਲਾਉਣਾ, ਜੋਤਾਂ ਜਗਾਉਣੀਆਂ, ਟੱਲ ਖੜਕਾਉਣੇ ਆਦਿ ਕਰਮ ਗੁਰਮਤਿ ਅਨੁਸਾਰ ਨਹੀਂ। ਹਾਂ, ਸਥਾਨ ਨੂੰ ਸੁਗੰਧਿਤ ਕਰਨ ਲਈ ਫੁੱਲ, ਧੂਪ ਆਦਿ ਸੁਗੰਧੀਆਂ ਵਰਤਣੀਆਂ ਵਿਵਰਜਿਤ ਨਹੀਂ। ਕਮਰੇ ਅੰਦਰ ਰੌਸ਼ਨੀ ਲਈ ਤੇਲ, ਘੀ ਜਾਂ ਮੋਮਬੱਤੀ, ਬਿਜਲੀ, ਲੈਂਪ ਆਦਿ ਜਗਾ ਲੈਣੇ ਚਾਹੀਦੇ ਹਨ।
(ਹ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਾਕਰ (ਤੁੱਲ) ਕਿਸੇ ਪੁਸਤਕ ਨੂੰ ਅਸਥਾਪਨ ਨਹੀਂ ਕਰਨਾ। ਗੁਰਦੁਆਰੇ ਵਿਚ ਕੋਈ ਮੂਰਤੀਪੂਜਾ ਜਾਂ ਹੋਰ ਗੁਰਮਤਿ ਦੇ ਵਿਰੁੱਧ ਕੋਈ ਰੀਤੀ ਜਾਂ ਸੰਸਕਾਰ ਨਾ ਹੋਵੇ, ਨਾ ਹੀ ਕੋਈ ਅਨਮਤ ਦਾ ਤਿਉਹਾਰ ਮਨਾਇਆ ਜਾਵੇ। ਹਾਂ, ਕਿਸੇ ਮੌਕੇ ਜਾਂ ਇੱਕਤ੍ਰਤਾ ਨੂੰ ਗੁਰਮਤਿ ਦੇ ਪ੍ਰਚਾਰ ਲਈ ਵਰਤਣਾ ਅਯੋਗ ਨਹੀਂ।
(ਕ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਘੂੜੇ ਦੇ ਪਾਵਿਆਂ ਨੂੰ ਮੁੱਠੀਆਂ ਭਰਨੀਆਂ, ਕੰਧਾਂ ਜਾਂ ਥੜ੍ਹਿਆਂ ’ਤੇ ਨੱਕ ਰਗੜਨਾ ਜਾਂ ਮੁੱਠੀਆਂ ਭਰਨੀਆਂ, ਮੰਜੀ ਸਾਹਿਬ ਹੇਠਾਂ ਪਾਣੀ ਰੱਖਣਾ, ਗੁਰਦੁਆਰਿਆਂ ਵਿਚ ਮੂਰਤੀਆਂ (ਬੁੱਤ) ਬਨਾਣੀਆਂ ਜਾਂ ਰੱਖਣੀਆਂ, ਗੁਰੂ ਸਾਹਿਬਾਨ ਜਾਂ ਸਿੱਖ ਬਜੁਰਗਾਂ ਦੀਆਂ ਤਸਵੀਰਾਂ ਅੱਗੇ ਮੱਥੇ ਟੇਕਣੇ, ਇਹੋ ਜਿਹੇ ਕਰਮ ਮਨਮੱਤ ਹਨ।
(ਖ) ਇਕ ਤੋਂ ਦੂਜੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਜਾਣ ਵੇਲੇ ਅਰਦਾਸ ਕਰਨੀ ਚਾਹੀਏ। ਜਿਸ ਨੇ ਸਿਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੱਕਿਆ ਹੋਵੇ, ਉਹ ਨੰਗੇ ਪੈਰੀਂ ਚਲੇ, ਪਰ ਜੇਕਰ ਕਿਸੇ ਮੌਕੇ ਜੋੜੇ ਪਾਣ ਦੀ ਅਤਿ ਲੋੜ ਪੈ ਜਾਵੇ, ਤਾਂ ਭਰਮ ਨਹੀਂ ਕਰਨਾ।
(ਗ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਰਦਾਸਾ ਸੋਧ ਕੇ ਪ੍ਰਕਾਸ਼ ਕੀਤਾ ਜਾਵੇ। ਪ੍ਰਕਾਸ਼ ਕਰਨ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਇਕ ਸ਼ਬਦ ਦਾ ਵਾਕ ਲਿਆ ਜਾਵੇ।
(ਘ) ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਆਵੇ ਤਾਂ ਭਾਵੇਂ ਅੱਗੇ ਪ੍ਰਕਾਸ਼ ਹੋਇਆ ਹੋਵੇ ਜਾਂ ਨਾ, ਹਰ ਇਕ ਸਿੱਖ ਨੂੰ ਸਨਮਾਨ ਲਈ ਉੱਠ ਖਲੋਣਾ ਚਾਹੀਏ।
(ਙ) ਗੁਰਦੁਆਰੇ ਅੰਦਰ ਜਾਣ ਲੱਗਿਆਂ ਜੋੜੇ ਬਾਹਰ ਲਾਹ ਕੇ, ਸੁਥਰਾ ਹੋ ਕੇ ਜਾਣਾ ਚਾਹੀਏ, ਜੇ ਪੈਰ ਮੈਲੇ ਜਾਂ ਗੰਦੇ ਹੋਣ, ਤਾਂ ਜਲ ਨਾਲ ਧੋ ਲੈਣੇ ਚਾਹੀਏ। ਸ੍ਰੀ ਗੁਰੂ ਗ੍ਰੰਥ ਸਾਹਿਬ ਅਥਵਾ ਗੁਰਦੁਆਰੇ ਨੂੰ ਆਪਣੇ ਸੱਜੇ ਪਾਸੇ ਰੱਖ ਕੇ ਪ੍ਰਕਰਮਾ ਕਰਨੀ ਚਾਹੀਏ।
(ਚ) ਗੁਰਦੁਆਰੇ ਅੰਦਰ ਦਰਸ਼ਨਾਂ ਲਈ ਜਾਣ ਲਈ ਕਿਸੇ ਦੇਸ਼, ਮਜ਼੍ਹਬ, ਜਾਤਿ ਵਾਲੇ ਨੂੰ ਮਨਾਹੀ ਨਹੀਂ, ਪਰ ਉਸ ਦੇ ਪਾਸ ਸਿੱਖ ਧਰਮ ਤੋਂ ਵਿਵਰਜਿਤ, ਤਮਾਕੂ ਆਦਿ ਕੋਈ ਚੀਜ਼ ਨਹੀਂ ਹੋਣੀ ਚਾਹੀਦੀ।
(ਛ) ਗੁਰਦੁਆਰੇ ਅੰਦਰ ਜਾ ਕੇ ਸਿੱਖ ਦਾ ਪਹਿਲਾ ਕਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ ਹੈ। ਉਪ੍ਰੰਤ ਗੁਰੂ ਰੂਪ ਸਾਧ ਸੰਗਤ ਦੇ ਦਰਸ਼ਨ ਕਰ ਕੇ ਸਹਿਜ ਨਾਲ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’ ਬੁਲਾਈ ਜਾਵੇ।
(ਜ) ਸੰਗਤ ਵਿਚ ਬੈਠਣ ਲਈ ਭੀ ਸਿੱਖ-ਅਸਿੱਖ, ਛੂਤ-ਛਾਤ, ਜਾਤ-ਪਾਤ, ਊਚ-ਨੀਚ ਦਾ ਭਰਮ ਜਾਂ ਵਿਤਕਰਾ ਨਹੀਂ ਕਰਨਾ।
(ਝ) ਕਿਸੇ ਮਨੁੱਖ ਦਾ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਜਾਂ ਸੰਗਤ ਵਿਚ ਗਦੇਲਾ, ਆਸਣ, ਕੁਰਸੀ, ਚੌਕੀ, ਮੰਜਾ ਆਦਿ ਲਾ ਕੇ ਬੈਠਣਾ ਜਾਂ ਕਿਸੇ ਹੋਰ ਵਿਤਕਰੇ ਨਾਲ ਬੈਠਣਾ ਮਨਮੱਤ ਹੈ।
(ਞ) ਸੰਗਤ ਵਿਚ ਜਾਂ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਕਿਸੇ ਸਿੱਖ ਨੂੰ ਨੰਗੇ ਸਿਰ ਨਹੀਂ ਬੈਠਣਾ ਚਾਹੀਦਾ। ਸੰਗਤ ਵਿਚ ਸਿੱਖ ਇਸਤਰੀਆਂ ਲਈ ਪਰਦਾ ਕਰਨਾ ਜਾਂ ਘੁੰਡ ਕੱਢਣਾ ਗੁਰਮਤਿ ਵਿਰੁੱਧ ਹੈ।
(ਟ) ਤਖ਼ਤ ਪੰਜ ਹਨ:-
1. ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ।
2. ਤਖ਼ਤ ਸ੍ਰੀ ਪਟਨਾ ਸਾਹਿਬ।
3. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ।
4. ਤਖ਼ਤ ਸ੍ਰੀ ਹਜ਼ੂਰ ਸਾਹਿਬ, ਨੰਦੇੜ।
5. ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬ੍ਹੋ)।
(ਠ) ਤਖ਼ਤਾਂ ਦੇ ਖਾਸ ਅਸਥਾਨ ਉੱਤੇ ਕੇਵਲ ਰਹਿਤਵਾਨ ਅੰਮ੍ਰਿਤਧਾਰੀ ਸਿੰਘ (ਸਿੰਘ ਜਾਂ ਸਿੰਘਣੀ) ਹੀ ਚੜ੍ਹ ਸਕਦੇ ਹਨ। (ਤਖ਼ਤਾਂ ਉੱਤੇ ਪਤਿਤ ਤੇ ਤਨਖਾਹੀਏ ਸਿੱਖ ਤੋਂ ਬਿਨਾਂ ਹਰ ਇਕ ਪ੍ਰਾਣੀ ਮਾਤਰ, ਸਿੱਖ ਗੈਰ-ਸਿੱਖ ਦੀ ਅਰਦਾਸ ਹੋ ਸਕਦੀ ਹੈ।)
(ਡ) ਹਰ ਇਕ ਗੁਰਦੁਆਰੇ ਵਿਚ ਨਿਸ਼ਾਨ ਸਾਹਿਬ ਕਿਸੇ ਉੱਚੀ ਥਾਂ ’ਤੇ ਲੱਗਾ ਹੋਵੇ। ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ ਅਤੇ ਨਿਸ਼ਾਨ ਸਾਹਿਬ ਦੇ ਸਿਰੇ ਉੱਤੇ ਸਰਬਲੋਹ ਦਾ ਭਾਲਾ ਜਾਂ ਖੰਡਾ ਹੋਵੇ।
(ਢ) ਗੁਰਦੁਆਰੇ ਵਿਚ ਨਗਾਰਾ ਹੋਵੇ, ਜੋ ਸਮੇਂ ਸਿਰ ਵਜਾਇਆ ਜਾਵੇ।

ਕੀਰਤਨ

(ੳ) ਸੰਗਤ ਵਿਚ ਕੀਰਤਨ ਕੇਵਲ ਸਿੱਖ ਹੀ ਕਰ ਸਕਦਾ ਹੈ।
(ਅ) ਕੀਰਤਨ ਗੁਰਬਾਣੀ ਨੂੰ ਰਾਗਾਂ ਵਿਚ ਉਚਾਰਨ ਕਰਨ ਨੂੰ ਕਹਿੰਦੇ ਹਨ।
(ੲ) ਸੰਗਤ ਵਿਚ ਕੀਰਤਨ ਕੇਵਲ ਗੁਰਬਾਣੀ ਜਾਂ ਇਸ ਦੀ ਵਿਆਖਿਆ-ਸਰੂਪ ਰਚਨਾ ਭਾਈ ਗੁਰਦਾਸ ਜੀ ਤੇ ਭਾਈ ਨੰਦ ਲਾਲ ਜੀ ਦੀ ਬਾਣੀ ਦਾ ਹੋ ਸਕਦਾ ਹੈ।
(ਸ) ਸ਼ਬਦਾਂ ਨੂੰ ਜੋਟੀਆਂ ਦੀ ਧਾਰਨਾ ਜਾਂ ਰਾਗ ਨਾਲ ਪੜ੍ਹਦਿਆਂ ਬਾਹਰ ਦੀਆਂ ਮਨ-ਘੜਤ ਤੇ ਵਾਧੂ ਤੁਕਾਂ ਲਾ ਕੇ ਧਾਰਨਾ ਲਾਉਣੀ ਜਾਂ ਗਾਉਣਾ ਅਯੋਗ ਹੈ। ਸ਼ਬਦ ਦੀ ਤੁਕ ਹੀ ਧਾਰਨਾ ਬਣਾਈ ਜਾਵੇ।

ਹੁਕਮ ਲੈਣਾ

(ੳ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ, ਗੁਰੂ-ਰੂਪ ਸੰਗਤ ਦੇ ਅਦਬ ਨਾਲ ਦਰਸ਼ਨ ਕਰਨੇ ਤੇ ਅਵਾਜ਼ਾ ਲੈਣਾ ਜਾਂ ਸੁਣਨਾ, ਸਤਿਗੁਰੂ ਦੇ ‘ਦਰਸ਼ਨ’ ਹਨ। ਵਾਕ ਲੈਣ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੁਮਾਲ ਚੁੱਕ ਕੇ ਦਰਸ਼ਨ ਕਰਨਾ ਜਾਂ ਕਰਵਾਉਣਾ ਮਨਮੱਤ ਹੈ।
(ਅ) ਸੰਗਤ ਵਿੱਚ ਇਕ ਵਕਤ ਇਕੋ ਗੱਲ ਹੋਣੀ ਚਾਹੀਏ-ਕੀਰਤਨ ਜਾਂ ਕਥਾ, ਵਖਿਆਨ ਜਾਂ ਪਾਠ।
(ੲ) ਦੀਵਾਨ ਸਮੇਂ ਸੰਗਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੇਵਲ ਸਿੱਖ (ਮਰਦ ਜਾਂ ਤੀਵੀਂ) ਹੀ ਬੈਠਣ ਦਾ ਅਧਿਕਾਰੀ ਹੈ।
(ਸ) ਸੰਗਤ ਨੂੰ ਪਾਠ ਕੇਵਲ ਸਿੱਖ ਹੀ ਕਰ ਕੇ ਸੁਣਾਵੇ। ਆਪਣੇ ਆਪ ਲਈ ਪਾਠ ਕੋਈ ਗੈਰ ਸਿੱਖ ਭੀ ਕਰ ਸਕਦਾ ਹੈ।
(ਹ) ‘ਹੁਕਮ’ ਲੈਣ ਲੱਗਿਆਂ ਖੱਬੇ ਪੰਨੇ ਦੇ ਉਤਲੇ ਪਾਸਿਓਂ ਪਹਿਲਾ ਸ਼ਬਦ ਜੋ ਜਾਰੀ ਹੈ, ਮੁੱਢ ਤੋਂ ਪੜ੍ਹਨਾ ਚਾਹੀਏ। ਜੇ ਉਸ ਸ਼ਬਦ ਦਾ ਮੁੱਢ ਪਿਛਲੇ ਪੰਨੇ ਤੋਂ ਸ਼ੁਰੂ ਹੁੰਦਾ ਹੈ ਤਾਂ ਪੱਤਰਾ ਪਰਤ ਕੇ ਪੜ੍ਹਨਾ ਸ਼ੁਰੂ ਕਰੋ ਅਤੇ ਸ਼ਬਦ ਸਾਰਾ ਪੜ੍ਹੋ। ਜੇ ਵਾਰ ਹੋਵੇ ਤਾਂ ਪਉੜੀ ਦੇ ਸਾਰੇ ਸਲੋਕ ਤੇ ਪਉੜੀ ਪੜ੍ਹਨੀ ਚਾਹੀਏ। ਸ਼ਬਦ ਦੇ ਅੰਤ ਵਿਚ ਜਿਥੇ ‘ਨਾਨਕ’ ਨਾਮ ਆ ਜਾਵੇ, ਉਸ ਤੁਕ ’ਤੇ ਭੋਗ ਪਾਇਆ ਜਾਵੇ।
(ਕ) ਦੀਵਾਨ ਦੀ ਸਮਾਪਤੀ ਜਾਂ ਭੋਗ ਦਾ ਅਰਦਾਸਾ ਹੋ ਕੇ ਅੰਤਮ ਹੁਕਮ ਲਿਆ ਜਾਵੇ।

ਸਾਧਾਰਨ ਪਾਠ

(ੳ) ਹਰ ਇਕ ਸਿੱਖ ਨੂੰ ਵੱਸ ਲੱਗੇ, ਆਪਣੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦਾ ਵੱਖਰਾ ਤੇ ਨਵੇਕਲਾ ਸਥਾਨ ਨਿਯਤ ਕਰਨਾ ਚਾਹੀਏ।
(ਅ) ਹਰ ਇਕ ਸਿੱਖ ਸਿੱਖਣੀ, ਬੱਚੇ ਬੱਚੀ ਨੂੰ ਗੁਰਮੁਖੀ ਪੜ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਸਿੱਖਣਾ ਚਾਹੀਏ।
(ੲ) ਹਰ ਇਕ ਸਿੱਖ ਅੰਮ੍ਰਿਤ ਵੇਲੇ ਪ੍ਰਸ਼ਾਦ ਛਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ‘ਹੁਕਮ’ ਲਵੇ। ਜੇ ਇਸ ਵਿਚ ਉਕਾਈ ਹੋ ਜਾਵੇ, ਤਾਂ ਦਿਨ ਵਿਚ ਕਿਸੇ ਨਾ ਕਿਸੇ ਵੇਲੇ ਜ਼ਰੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਜਾਂ ਸੁਣੇ। ਸਫਰ ਆਦਿ ਔਕੜ ਵੇਲੇ ਦਰਸ਼ਨ ਕਰਨ ਤੋਂ ਅਸਮਰਥ ਹੋਵੇ ਤਾਂ ਸ਼ੰਕਾ ਨਹੀਂ ਕਰਨੀ।
(ਸ) ਚੰਗਾ ਤਾਂ ਇਹ ਹੈ ਕਿ ਹਰ ਇਕ ਸਿੱਖ ਆਪਣਾ ਸਾਧਾਰਨ ਪਾਠ ਜਾਰੀ ਰੱਖੇ ਤੇ ਮਹੀਨੇ ਦੋ ਮਹੀਨੇ ਮਗਰੋਂ (ਜਾਂ ਜਿਤਨੇ ਸਮੇਂ ਵਿਚ ਹੋ ਸਕੇ) ਭੋਗ ਪਾਵੇ।
(ਹ) ਪਾਠ ਆਰੰਭ ਕਰਨ ਸਮੇਂ ਅਨੰਦ ਸਾਹਿਬ (ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀ) ਦੇ ਪਾਠ ਮਗਰੋਂ ਅਰਦਾਸਾ ਕਰ ਕੇ ਹੁਕਮ ਲੈਣਾ ਚਾਹੀਏ। ਫੇਰ ਜਪੁ ਸਾਹਿਬ ਦਾ ਪਾਠ ਕਰਨਾ ਚਾਹੀਏ।

ਅਖੰਡ ਪਾਠ

(ੳ) ਅਖੰਡ ਪਾਠ ਕਿਸੇ ਭੀੜ ਜਾਂ ਉਤਸ਼ਾਹ ਵੇਲੇ ਕੀਤਾ ਜਾਂਦਾ ਹੈ। ਇਹ ਤਕਰੀਬਨ 48 ਘੰਟੇ ਵਿਚ ਸੰਪੂਰਨ ਕੀਤਾ ਜਾਂਦਾ ਹੈ। ਇਸ ਵਿਚ ਪਾਠ ਲਗਾਤਾਰ ਬਿਨਾਂ ਰੋਕ ਦੇ ਕੀਤਾ ਜਾਂਦਾ ਹੈ। ਪਾਠ ਸਾਫ ਤੇ ਸ਼ੁੱਧ ਹੋਵੇ। ਬਹੁਤ ਤੇਜ਼ ਪੜ੍ਹਨਾ, ਜਿਸ ਤੋਂ ਸੁਣਨ ਵਾਲਾ ਕੁਝ ਸਮਝ ਨਾ ਸਕੇ, ਗੁਰਬਾਣੀ ਦੀ ਨਿਰਾਦਰੀ ਹੈ। ਅੱਖਰ ਮਾਤਰ ਦਾ ਧਿਆਨ ਰੱਖ ਕੇ, ਪਾਠ ਸ਼ੁੱਧ ਤੇ ਸਾਫ ਕਰਨਾ ਚਾਹੀਏ, ਭਾਵੇਂ ਸਮਾਂ ਕੁਝ ਵਧੀਕ ਲੱਗ ਜਾਵੇ।
(ਅ) ਅਖੰਡ ਪਾਠ ਜਿਸ ਪਰਵਾਰ ਜਾਂ ਸੰਗਤ ਨੇ ਕਰਨਾ ਹੈ। ਉਹ ਆਪ ਕਰੇ, ਟੱਬਰ ਦੇ ਕਿਸੇ ਆਦਮੀ, ਸਾਕ ਸੰਬੰਧੀ, ਮਿੱਤਰ ਆਦਿ ਮਿਲ ਕੇ ਕਰਨ। ਪਾਠੀਆਂ ਦੀ ਗਿਣਤੀ ਮੁਕੱਰਰ ਨਹੀਂ। ਜੇ ਕੋਈ ਆਦਮੀ ਆਪ ਪਾਠ ਨਹੀਂ ਕਰ ਸਕਦਾ, ਤਾਂ ਕਿਸੇ ਚੰਗੇ ਪਾਠੀ ਕੋਲੋਂ ਸੁਣ ਲਵੇ ਪਰ ਇਹ ਨਾ ਹੋਵੇ ਕਿ ਪਾਠੀ ਆਪੇ ਇਕੱਲਾ ਬਹਿ ਕੇ ਪਾਠ ਕਰਦਾ ਰਹੇ ਤੇ ਸੰਗਤ ਜਾਂ ਟੱਬਰ ਦਾ ਕੋਈ ਆਦਮੀ ਨਾ ਸੁਣਦਾ ਹੋਵੇ। ਪਾਠੀ ਦੀ ਯਥਾ-ਸ਼ਕਤਿ ਭੋਜਨ, ਬਸਤਰ ਆਦਿ ਨਾਲ ਯੋਗ ਸੇਵਾ ਕੀਤੀ ਜਾਵੇ।
(ੲ) ਅਖੰਡ ਪਾਠ ਜਾਂ ਹੋਰ ਕਿਸੇ ਤਰ੍ਹਾਂ ਦੇ ਪਾਠ ਵੇਲੇ ਕੁੰਭ, ਜੋਤ, ਨਲੀਏਰ ਆਦਿ ਰੱਖਣਾ ਜਾਂ ਨਾਲ ਨਾਲ ਜਾਂ ਵਿਚ ਵਿਚ ਕਿਸੇ ਹੋਰ ਬਾਣੀ ਦਾ ਪਾਠ ਜਾਰੀ ਰੱਖਣਾ ਮਨਮੱਤ ਹੈ।

ਸਾਧਾਰਨ ਪਾਠ / ਅਖੰਡ ਪਾਠ ਦਾ ਅਰੰਭ

ਸਾਧਾਰਨ ਪਾਠ ਦੇ ਅਰੰਭ ਵੇਲੇ ਪ੍ਰਸ਼ਾਦਿ ਲਿਆ ਕੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰ ਕੇ ਅਰਦਾਸ ਮਗਰੋਂ ‘ਹੁਕਮ’ ਲਿਆ ਜਾਵੇ। ਅਖੰਡ ਪਾਠ ਵੇਲੇ ਕੜਾਹ ਪ੍ਰਸ਼ਾਦਿ ਹੋਵੇ, ਫੇਰ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰਨ ਮਗਰੋਂ ਅਰਦਾਸ ਕਰ ਕੇ ਅਤੇ ‘ਹੁਕਮ’ ਲੈ ਕੇ ਪਾਠ ਦਾ ਆਰੰਭ ਕੀਤਾ ਜਾਵੇ।

ਭੋਗ

(ੳ) ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ (ਸਾਧਾਰਨ ਜਾਂ ਅਖੰਡ) ਦਾ ਭੋਗ ਮੁੰਦਾਵਣੀ ਉਤੇ ਜਾਂ ਰਾਗਮਾਲਾ ਪੜ੍ਹ ਕੇ ਚਲਦੀ ਸਥਾਨਕ ਰੀਤੀ ਅਨੁਸਾਰ ਪਾਇਆ ਜਾਵੇ। (ਇਸ ਗੱਲ ਬਾਬਤ ਪੰਥ ’ਚ ਅਜੇ ਤਕ ਮਤਭੇਦ ਹੈ, ਇਸ ਲਈ ਰਾਗਮਾਲਾ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਣ ਜਾਂ ਛਾਪਣ ਦਾ ਹੀਆ ਕੋਈ ਨਾ ਕਰੇ)। ਇਸ ਤੋਂ ਉਪ੍ਰੰਤ ਅਨੰਦ ਸਾਹਿਬ ਦਾ ਪਾਠ ਕਰ ਕੇ ਭੋਗ ਦਾ ਅਰਦਾਸਾ ਕੀਤਾ ਜਾਵੇ ਤੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
(ਅ) ਭੋਗ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋੜ ਅਨੁਸਾਰ ਰੁਮਾਲ, ਚੌਰ, ਚਾਨਣੀ ਆਦਿ ਦੀ ਭੇਟਾ ਅਤੇ ਪੰਥਕ ਕਾਰਜਾਂ ਲਈ ਯਥਾ-ਸ਼ਕਤਿ ‘ਅਰਦਾਸ’ ਕਰਵਾਈ ਜਾਵੇ।

ਕੜਾਹ ਪ੍ਰਸ਼ਾਦਿ

(ੳ) ਕੜਾਹ ਪ੍ਰਸ਼ਾਦਿ ਜੋ ਵਿਧੀ ਅਨੁਸਾਰ ਤਿਆਰ ਕਰ ਕੇ ਜਾਂ ਕਰਾ ਕੇ ਲਿਆਂਦਾ ਜਾਵੇ, ਸੰਗਤ ਵਿਚ ਪ੍ਰਵਾਨ ਹੋਵੇਗਾ।
(ਅ) ਕੜਾਹ ਪ੍ਰਸ਼ਾਦਿ ਤਿਆਰ ਕਰਨ ਦੀ ਵਿਧੀ ਇਹ ਹੈ – ਸੁਅੱਛ ਭਾਂਡੇ ’ਚ ਤ੍ਰਿਭਾਵਲੀ (ਆਟਾ, ਉਤਮ ਮਿੱਠਾ ਤੇ ਘੀ ਇਕੋ ਜਿਹੇ ਪਾ ਕੇ) ਗੁਰਬਾਣੀ ਦਾ ਪਾਠ ਕਰਦੇ ਹੋਏ ਤਿਆਰ ਕੀਤਾ ਜਾਵੇ। ਫਿਰ ਸੁਅੱਛ ਬਸਤਰ ਨਾਲ ਢੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੁਅੱਛ ਚੌਂਕੀ ਉੱਪਰ ਰਖਿਆ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੰਗਤ ਨੂੰ ਉੱਚੀ ਅਵਾਜ ’ਚ ਸੁਣਾ ਕੇ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀ ਦਾ ਪਾਠ4 ਕੀਤਾ ਜਾਵੇ ਅਤੇ ਅਰਦਾਸਾ ਸੋਧਿਆ ਜਾਵੇ ਤੇ ਪ੍ਰਵਾਨਗੀ ਲਈ ਕਿਰਪਾਨ ਭੇਟ ਹੋਵੇ।
(ੲ) ਇਸ ਦੇ ਉਪਰੰਤ ਸੰਗਤ ਨੂੰ ਵਰਤਾਉਣ ਤੋਂ ਪਹਿਲਾਂ ਕੜਾਹ ਪ੍ਰਸ਼ਾਦਿ ਵਿਚੋਂ ਪੰਜਾਂ ਪਿਆਰਿਆਂ ਦਾ ਗੱਫਾ ਕੱਢ ਕੇ ਵਰਤਾਇਆ ਜਾਵੇ। ਉਪ੍ਰੰਤ ਸੰਗਤ ਵਿਚ ਵਰਤਾਉਣ ਲੱਗਿਆਂ ਪਹਿਲਾਂ ਤਾਬਿਆ ਬੈਠੇ ਸਿੰਘ5 ਨੂੰ ਕਟੋਰੇ ਜਾਂ ਕੌਲ ਵਿਚ ਪਾ ਕੇ ਦੇਵੇ ਤੇ ਫਿਰ ਬਾਕੀ ਸੰਗਤ ਨੂੰ ਵਰਤਾਏ। ਕਿਸੇ ਲਿਹਾਜ਼ ਜਾਂ ਘਿਰਣਾ ਕਰਕੇ ਵਿਤਕਰਾ ਨਾ ਕਰੇ। ਸਭ ਸਿੱਖ, ਗੈਰ ਸਿੱਖ, ਨੀਚ-ਊਚ ਜਾਤਿ ਵਾਲੇ ਨੂੰ ਇਕੋ ਜਿਹਾ ਵਰਤਾਵੇ। ਕੜਾਹ ਪ੍ਰਸ਼ਾਦਿ ਵਰਤਾਣ ਵੇਲੇ ਸੰਗਤ ਵਿਚ ਬੈਠੇ ਕਿਸੇ ਮਨੁੱਖ ਤੋਂ ਜ਼ਾਤ-ਪਾਤ, ਛੁਤ-ਛਾਤ ਦਾ ਖਿਆਲ ਕਰਕੇ ਗਿਲਾਨੀ ਨਹੀਂ ਕਰਨੀ ਚਾਹੀਦੀ।
(ਸ) ਕੜਾਹ ਪ੍ਰਸ਼ਾਦਿ ਭੇਟਾ ਕਰਨ ਵੇਲੇ ਘੱਟ ਤੋਂ ਘੱਟ ਇਕ ਟਕਾ ਨਕਦ ਅਰਦਾਸ ਭੀ ਹੋਵੇ।

ਗੁਰਬਾਣੀ ਦੀ ਕਥਾ

ੳ) ਸੰਗਤ ਵਿਚ ਗੁਰਬਾਣੀ ਦੀ ਕਥਾ ਸਿੱਖ ਹੀ ਕਰੇ।
(ਅ) ਕਥਾ ਦਾ ਮਨੋਰਥ ਗੁਰਮਤਿ ਦ੍ਰਿੜ੍ਹਾਉਣਾ ਹੀ ਹੋਵੇ।
(ੲ) ਕਥਾ ਦਸ ਗੁਰੂ ਸਾਹਿਬਾਨ ਦੀ ਬਾਣੀ ਜਾਂ ਭਾਈ ਗੁਰਦਾਸ, ਭਾਈ ਨੰਦ ਲਾਲ ਜਾਂ ਕਿਸੇ ਹੋਰ ਪ੍ਰਮਾਣਿਕ ਪੰਥਕ ਪੁਸਤਕ ਜਾਂ ਇਤਿਹਾਸ ਦੀਆਂ ਪੁਸਤਕਾਂ (ਜੋ ਗੁਰਮਤਿ ਅਨੁਕੂਲ ਹੋਣ) ਦੀ ਹੋ ਸਕਦੀ ਹੈ, ਪਰ ਅਨਮਤ ਦੀ ਕਿਸੇ ਪੁਸਤਕ ਦੀ ਨਹੀਂ ਹੋ ਸਕਦੀ। ਹਾਂ, ਪ੍ਰਮਾਣ ਕਿਸੇ ਮਹਾਤਮਾ ਜਾਂ ਪੁਸਤਕ ਦੀ ਉੱਤਮ ਸਿੱਖਿਆ ਦਾ ਲਿਆ ਜਾ ਸਕਦਾ ਹੈ।
(6) ਵਖਿਆਨ-ਗੁਰਦੁਆਰੇ ਵਿਚ ਗੁਰਮਤਿ ਤੋਂ ਵਿਰੁੱਧ ਕੋਈ ਵਖਿਆਨ ਨਹੀਂ ਹੋ ਸਕਦਾ।
(7) ਗੁਰਦੁਆਰੇ ਵਿਚ ਸੰਗਤ ਦਾ ਪ੍ਰੋਗਰਾਮ ਆਮ ਤੌਰ ’ਤੇ ਇੳਂ ਹੁੰਦਾ ਹੈ :-
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਕੀਰਤਨ, ਕਥਾ, ਵਖਿਆਨ, ਅਨੰਦ ਸਾਹਿਬ, ਅਰਦਾਸ, ਫ਼ਤਹ, ਸਤਿ ਸ੍ਰੀ ਅਕਾਲ ਦਾ ਜੈਕਾਰਾ ਤੇ ਹੁਕਮ।

2. ਗੁਰਮਤਿ ਦੀ ਰਹਿਣੀ

ਸਿੱਖ ਦੀ ਆਮ ਰਹਿਣੀ, ਕ੍ਰਿਤ, ਵਿਰਤ, ਗੁਰਮਤਿ ਅਨੁਸਾਰ ਹੋਵੇ। ਗੁਰਮਤਿ ਇਹ ਹੈ :-
(ੳ) ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ ਦੇਵਤੇ ਦੀ ਉਪਾਸਨਾ ਨਹੀਂ ਕਰਨੀ।
(ਅ) ਆਪਣੀ ਮੁਕਤੀ ਦਾ ਦਾਤਾ ਤੇ ਇਸ਼ਟ ਕੇਵਲ ਦਸ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਨੂੰ ਮੰਨਣਾ।
(ੲ) ਦਸ ਗੁਰੂ ਸਾਹਿਬਾਨ ਨੂੰ ਇਕੋ ਜੋਤ ਦਾ ਪ੍ਰਕਾਸ਼ ਰੂਪ ਕਰਕੇ ਮੰਨਣਾ।
(ਸ) ਜ਼ਾਤ-ਪਾਤ, ਛੂਤ-ਛਾਤ, ਜੰਤ੍ਰ-ਮੰਤ੍ਰ-ਤੰਤ੍ਰ, ਸ਼ਗਨ, ਤਿੱਥ, ਮਹੂਰਤ, ਗ੍ਰਹਿ, ਰਾਸ਼, ਸ਼ਰਾਧ, ਪਿੱਤਰ, ਖਿਆਹ, ਪਿੰਡ ਪੱਤਲ, ਦੀਵਾ, ਕਿਿਰਆ ਕਰਮ, ਹੋਮ, ਜੱਗ, ਤਰਪਣ, ਸਿਖਾ ਸੂਤ, ਭੱਦਣ, ਇਕਾਦਸ਼ੀ, ਪੂਰਨਮਾਸ਼ੀ ਆਦਿ ਦੇ ਵਰਤ, ਤਿਲਕ, ਜੰਞੂ, ਤੁਲਸੀ, ਮਾਲਾ, ਗੋਰ, ਮੱਠ, ਮੜ੍ਹੀ, ਮੂਰਤੀ ਪੂਜਾ ਆਦਿ ਭਰਮ-ਰੂਪ ਕਰਮਾਂ ਉਤੇ ਨਿਸਚਾ ਨਹੀਂ ਕਰਨਾ। ਗੁਰ ਅਸਥਾਨ ਤੋਂ ਕਿਸੇ ਅਨ-ਧਰਮ ਦੇ ਤੀਰਥ ਜਾਂ ਧਾਮ ਨੂੰ ਆਪਣਾ ਅਸਥਾਨ ਨਹੀਂ ਮੰਨਣਾ। ਪੀਰ, ਬ੍ਰਾਹਮਣ, ਪੁੱਛਣਾ, ਸੁੱਖਣਾ, ਸ਼ੀਰਨੀ, ਵੇਦ ਸ਼ਾਸਤਰ, ਗਾਇਤ੍ਰੀ, ਗੀਤਾ, ਕੁਰਾਨ, ਅੰਜੀਲ ਆਦਿ ਉਤੇ ਨਿਸ਼ਚਾ ਨਹੀਂ ਕਰਨਾ। ਹਾਂ ਆਮ ਵਾਕਫੀ ਲਈ ਅਨਮਤਾਂ ਦੇ ਗ੍ਰੰਥਾਂ ਦਾ ਪੜ੍ਹਨਾ ਯੋਗ ਹੈ।
(ਹ) ਖਾਲਸਾ ਸਾਰੇ ਮਤਾਂ ਤੋਂ ਨਿਆਰਾ ਰਹੇ, ਪਰ ਕਿਸੇ ਅਨਧਰਮੀ ਦਾ ਦਿਲ ਨਾ ਦੁਖਾਵੇ।
(ਕ) ਹਰ ਇਕ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰੇ।
(ਖ) ਸਿੱਖ ਲਈ ਗੁਰਮੁਖੀ ਵਿਿਦਆ ਪੜ੍ਹਨੀ ਜ਼ਰੂਰੀ ਹੈ। ਹੋਰ ਵਿਿਦਆ ਭੀ ਪੜ੍ਹੇ।
(ਗ) ਸੰਤਾਨ ਨੂੰ ਗੁਰਸਿੱਖੀ ਦੀ ਵਿਿਦਆ ਦਿਵਾਉਣੀ ਸਿੱਖ ਦਾ ਫ਼ਰਜ਼ ਹੈ।
(ਘ) ਕੇਸ ਲੜਕੇ ਕੇ ਜੋ ਹੋਏ ਸੋ ਉਨ੍ਹਾਂ ਦਾ ਬੁਰਾ ਨਾ ਮੰਗੇ, ਕੇਸ ਉਹੀ6 ਰੱਖੇ, ਨਾਮ ਸਿੰਘ ਰੱਖੇ। ਸਿੱਖ ਆਪਣੇ ਲੜਕੇ ਲੜਕੀਆਂ ਦੇ ਕੇਸ ਸਾਬਤ ਰੱਖੇ।
(ਙ) ਸਿੱਖ ਭੰਗ, ਅਫੀਮ, ਸ਼ਰਾਬ, ਤਮਾਕੂ ਆਦਿ ਨਸ਼ੇ ਨਾ ਵਰਤੇ। ਅਮਲ ਪ੍ਰਸ਼ਾਦੇ ਦਾ ਹੀ ਰੱਖੇ।
(ਚ) ਸਿੱਖ ਮਰਦ ਅਥਵਾ ਇਸਤ੍ਰੀ ਨੂੰ ਨੱਕ, ਕੰਨ ਛੇਦਨਾ ਮਨ੍ਹਾਂ ਹੈ।
(ਛ) ਗੁਰੂ ਕਾ ਸਿੱਖ ਕੰਨਿਆ ਨਾ ਮਾਰੇ, ਕੁੜੀ-ਮਾਰ ਨਾਲ ਨਾ ਵਰਤੇ।
(ਜ) ਗੁਰੂ ਕਾ ਸਿੱਖ ਧਰਮ ਦੀ ਕਿਰਤ ਕਰ ਕੇ ਨਿਰਬਾਹ ਕਰੇ।
(ਝ) ਗੁਰੂ ਕਾ ਸਿੱਖ ਗਰੀਬ ਦੀ ਰਸਨਾ ਨੂੰ ਗੁਰੂ ਕੀ ਗੋਲਕ ਜਾਣੇ।
(ਞ) ਚੋਰੀ ਯਾਰੀ ਨਾ ਕਰੇ, ਜੂਆ ਨਾ ਖੇਡੇ।
(ਟ) ਪਰ ਬੇਟੀ ਕੋ ਬੇਟੀ ਜਾਨੈ।
ਪਰ ਇਸਤ੍ਰੀ ਕੋ ਮਾਤ ਬਖਾਨੈ।
ਅਪਨਿ ਇਸਤ੍ਰੀ ਸੋਂ ਰਤਿ ਹੋਈ।
ਰਹਿਤਵੰਤ ਸਿੰਘ ਹੈ ਸੋਈ।
ਇਸੇ ਤਰ੍ਹਾਂ ਸਿੱਖ ਇਸਤ੍ਰੀ ਆਪਣੇ ਪਤੀਬਰਤ ਧਰਮ ’ਚ ਰਹੇ।
(ਠ) ਗੁਰੂ ਕਾ ਸਿੱਖ ਜਨਮ ਤੋਂ ਲੈ ਕੇ ਦੇਹਾਂਤ ਤਕ ਗੁਰ ਮਰਯਾਦਾ ਕਰੇ।
(ਡ) ਸਿੱਖ, ਸਿੱਖ ਨੂੰ ਮਿਲਣ ਸਮੇਂ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’ ਬੁਲਾਵੇ। ਮਰਦ ਇਸਤਰੀ ਦੋਹਾਂ ਲਈ ਇਹੋ ਹੁਕਮ ਹੈ।
(ਢ) ਸਿੱਖ ਇਸਤਰੀਆਂ ਲਈ ਪਰਦਾ ਜਾਂ ਘੁੰਡ ਕਰਨਾ ਉੱਚਿਤ ਨਹੀਂ।
(ਣ) ਸਿੱਖ ਲਈ ਕਛਹਿਰੇ ਤੇ ਦਸਤਾਰ ਤੋਂ ਛੁਟ ਪੁਸ਼ਾਕ ਸੰਬੰਧੀ ਬਾਕੀ ਕੋਈ ਪਾਬੰਦੀ ਨਹੀਂ। ਸਿੱਖ ਇਸਤਰੀ ਦਸਤਾਰ ਸਜਾਏ ਜਾਂ ਨਾ ਸਜਾਏ, ਦੋਵੇਂ ਠੀਕ ਹਨ।

1. ਜਨਮ ਤੇ ਨਾਮ-ਸੰਸਕਾਰ

(ੳ) ਸਿੱਖ ਦੇ ਘਰ ਬਾਲਕ ਦਾ ਜਨਮ ਹੋਣ ਮਗਰੋਂ ਜਦ ਮਾਤਾ ਉਠਣ ਬੈਠਣ ਤੇ ਇਸ਼ਨਾਨ ਕਰਨ ਦੇ ਯੋਗ ਹੋਵੇ ਤਾਂ (ਦਿਨਾਂ ਦੀ ਕੋਈ ਗਿਣਤੀ ਮੁਕੱਰਰ ਨਹੀਂ) ਟੱਬਰ ਤੇ ਸੰਬੰਧੀ ਗੁਰਦੁਆਰੇ ਕੜਾਹ ਪ੍ਰਸ਼ਾਦਿ ਲੈ ਕੇ ਜਾਣ ਜਾਂ ਕਰਾਉਣ ਅਤੇ ਗੁਰੂ ਜੀ ਦੇ ਹਜ਼ੂਰ ‘ਪਰਮੇਸਰਿ ਦਿਤਾ ਬੰਨਾ’ (ਸੋਰਠਿ ਮ: 5) ‘ਸਤਿਗੁਰ ਸਾਚੈ ਦੀਆ ਭੇਜਿ’ (ਆਸਾ ਮ: 5) ਆਦਿ ਖੁਸ਼ੀ ਤੇ ਧੰਨਵਾਦ ਵਾਲੇ ਸ਼ਬਦ ਪੜ੍ਹਨ, ਉਪ੍ਰੰਤ, ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਹੋਵੇ ਤਾਂ ਪਾਠ ਦਾ ਭੋਗ ਪਾਇਆ ਜਾਵੇ, ਫਿਰ ਵਾਕ ਲਿਆ ਜਾਵੇ। ਵਾਕ ਦੇ ਅਰੰਭ ਦੇ ਸ਼ਬਦ ਦਾ ਜੋ ਪਹਿਲਾ ਅੱਖਰ ਹੋਵੇ, ਉਸ ਤੋਂ ਗ੍ਰੰਥੀ ਸਿੰਘ ਬੱਚੇ ਦਾ ਨਾਮ ਤਜਵੀਜ਼ ਕਰੇ ਅਤੇ ਸੰਗਤ ਦੀ ਪ੍ਰਵਾਨਗੀ ਲੈ ਕੇ ਨਾਮ ਪ੍ਰਗਟ ਕਰੇ। ਲੜਕੇ ਦੇ ਨਾਉਂ ਪਿੱਛੇ ‘ਸਿੰਘ’ ਸ਼ਬਦ ਅਤੇ ਲੜਕੀ ਦੇ ਨਾਮ ਪਿੱਛੇ ‘ਕੌਰ’ ਸ਼ਬਦ ਲਗਾਇਆ ਜਾਵੇ। ਉਪ੍ਰੰਤ, ਅਨੰਦ ਸਾਹਿਬ (ਛੇ ਪਉੜੀਆਂ) ਮਗਰੋਂ ਬੱਚੇ ਦੇ ਨਾਮ ਸੰਸਕਾਰ ਦੀ ਖੁਸ਼ੀ ਦਾ ਯੋਗ ਸ਼ਬਦਾਂ ਵਿੱਚ ਅਰਦਾਸਾ ਕਰ ਕੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
(ਅ) ਜਨਮ ਦੇ ਸੰਬੰਧ ਵਿਚ ਖਾਣ-ਪੀਣ ਵਿਚ ਕੋਈ ਸੂਤਕ ਦਾ ਭਰਮ ਨਹੀਂ ਕਰਨਾ, ਕਿਉਂਕਿ :
“ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥”
(ੲ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲ ਤੋਂ ਚੋਲਾ ਬਣਾ ਕੇ ਪਾਉਣਾ ਆਦਿ ਮਨਮੱਤ ਹੈ।

2. ਅਨੰਦ ਸੰਸਕਾਰ

(ੳ) ਸਿੱਖ ਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰੇ ਦੇ ਹੋਣਾ ਚਾਹੀਏ।
(ਅ) ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ।
(ੲ) ਸਿੱਖ ਦਾ ਵਿਆਹ ‘ਅਨੰਦ’ ਰੀਤੀ ਨਾਲ ਕਰਨਾ ਚਾਹੀਏ।
(ਸ) ਲੜਕੀ ਲੜਕੇ ਦਾ ਵਿਆਹ ਬਚਪਨ ਵਿੱਚ ਕਰਨਾ ਵਿਵਰਜਿਤ ਹੈ।
(ਹ) ਜਦ ਲੜਕੀ ਸਰੀਰ, ਮਨ ਤੇ ਆਚਾਰ ਕਰਕੇ ਵਿਆਹ ਕਰਨ ਦੇ ਯੋਗ ਹੋ ਜਾਵੇ, ਤਾਂ ਕਿਸੇ ਯੋਗ ਸਿੱਖ ਨਾਲ ‘ਅਨੰਦ’ਪੜ੍ਹਾਇਆ ਜਾਵੇ।
(ਕ) ‘ਅਨੰਦ’ ਤੋਂ ਪਹਿਲਾਂ ਕੁੜਮਾਈ ਦੀ ਰਸਮ ਜ਼ਰੂਰੀ ਨਹੀਂ, ਪਰ ਜੇ ਕਰਨੀ ਹੋਵੇ ਤਾਂ ਲੜਕੀ ਵਾਲੇ ਕਿਸੇ ਦਿਨ ਸੰਗਤ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾ ਸੋਧ ਕੇ ਇਕ ਕ੍ਰਿਪਾਨ, ਕੜਾ, ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ।
(ਖ) ‘ਅਨੰਦ’ ਦਾ ਦਿਨ ਮੁਕੱਰਰ ਕਰਨ ਲੱਗਿਆਂ ਕੋਈ ਥਿਿਤ-ਵਾਰ, ਚੰਗੇ-ਮੰਦੇ ਦਿਨ ਦੀ ਖੋਜ ਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ। ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿੱਚ ਸਲਾਹ ਕਰ ਕੇ ਚੰਗਾ ਦਿੱਸੇ, ਨਿਯਤ ਕਰ ਲੈਣਾ ਚਾਹੀਏ।
(ਗ) ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿੱਤਰ ਪੂਜਣੇ, ਕੱਚੀ ਲੱਸੀ ਵਿਚ ਪੈਰ ਪਾਉਣਾ, ਬੇਰੀ ਜਾਂ ਜੰਡੀ ਵੱਢਣੀ, ਘੜੋਲੀ ਭਰਨੀ, ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀ ਗੱਡਣੀ, ਵੇਸਵਾ ਦਾ ਨਾਚ, ਸ਼ਰਾਬ ਆਦਿ ਮਨਮਤ ਹੈ।
(ਘ) ਜਿਤਨੇ ਥੋੜ੍ਹੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰ ਜਾਵੇ, ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦ ਗਾਏ ਜਾਣ ਤੇ ’ਫ਼ਤਹ’ ਗਜਾਈ ਜਾਵੇ।
(ਙ) ਵਿਆਹ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਦੀਵਾਨ ਲਗੇ। ਸੰਗਤ ਜਾਂ ਰਾਗੀ ਕੀਰਤਨ ਕਰਨ। ਫਿਰ ਲੜਕੀ ਤੇ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਬਿਠਾਏ ਜਾਣ। ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ। ਸੰਗਤ ਦੀ ਆਗਿਆ ਲੈ ਕੇ ‘ਅਨੰਦ’ਪੜ੍ਹਾਉਣ ਵਾਲਾ ਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦੇ ਮਾਪਿਆਂ ਜਾਂ ਸਰਬਰਾਹਾਂ ਨੂੰ ਖੜ੍ਹਾ ਕਰ ਕੇ ‘ਅਨੰਦ’ਦੇ ਅਰੰਭ ਦਾ ਅਰਦਾਸਾ ਸੋਧੇ। ਫਿਰ ਉਹ ਲੜਕੇ ਲੜਕੀ ਨੂੰ ਗੁਰਮਤਿ ਅਨੁਸਾਰ ਗ੍ਰਹਿਸਤ ਧਰਮ ਦੇ ਫ਼ਰਜ਼ਾਂ ਦਾ ਉਪਦੇਸ਼ ਕਰੇ। ਪਹਿਲੇ, ਦੋਹਾਂ ਨੂੰ ਸਾਂਝਾ ਉਪਦੇਸ਼ ਕਰੇ। ਇਸ ਵਿਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ-ਪਤਨੀ ਦੇ ਸਬੰਧ ਨੂੰ ਜੀਵ ਤੇ ਪ੍ਰਮਾਤਮਾ ਦੇ ਪਿਆਰ ਦੇ ਨਮੂਨੇ ਉਤੇ ਢਾਲਣ ਦੀ ਵਿਧੀ ਦੱਸੇ। ਆਪਸ ਵਿਚ ਪ੍ਰੇਮ ਦ੍ਵਾਰਾ “ਏਕ ਜੋਤਿ ਦੁਇ ਮੂਰਤੀ” ਹੋਣਾ ਦੱਸੇ ਤੇ ਇਕੁਰ ਗ੍ਰਹਿਸਤ ਧਰਮ ਨਿਬਾਹੁੰਦੇ ਹੋਏ ਆਪਣੇ ਸਾਂਝੇ ਭਰਤਾ ‘ਅਕਾਲ ਪੁਰਖ’ ਨਾਲ ਇਕਮਿਕ ਹੋਣਾ ਦ੍ਰਿੜ੍ਹਾਵੇ। ਦੋਹਾਂ ਨੇ ਇਸ ਸੰਜੋਗ ਨੂੰ ਮਨੁੱਖਾ ਜਨਮ ਦੀ ਯਾਤਰਾ ਨੂੰ ਸਫਲਤਾ ਨਾਲ ਨਿਬਾਹੁਣ ਦਾ ਸਾਧਨ ਬਨਾਉਣਾ ਹੈ। ਦੋਹਾਂ ਨੇ ਇਸ ਸੰਜੋਗ ਦੇ ਰਾਹੀਂ ਪਵਿੱਤਰ ਤੇ ਗੁਰਮੁਖੀ ਜੀਵਨ ਬਿਤਾਉਣਾ ਹੈ। ਫਿਰ ਲੜਕੇ ਤੇ ਲੜਕੀ ਨੂੰ ਆਪੋ ਆਪਣੇ ਵਖੋ-ਵਖਰੇ, ਗ੍ਰਹਿਸਤ ਧਰਮ ਦੇ ਫ਼ਰਜ਼ ਦੱਸੇ ਜਾਣ। ਵਰ ਨੂੰ ਦੱਸਿਆ ਜਾਵੇ ਕਿ ਲੜਕੀ ਵਾਲਿਆਂ ਨੇ ਤੁਹਾਨੂੰ ਹੀ ਸਭ ਤੋਂ ਵਧੀਕ ਯੋਗ ਜਾਣ ਕੇ ਵਰ ਚੁਣਿਆ ਹੈ। ਆਪ ਨੇ ਆਪਣੀ ਪਤਨੀ ਨੂੰ ਅਰਧੰਗੀ ਜਾਣ ਕੇ ਸਾਰੀਆਂ ਅਵਸਥਾਂ ਵਿਚ ਇਕੋ ਜਿਹਾ ਪਿਆਰ ਕਰਨਾ ਹੈ ਤੇ ਵੰਡ ਛਕਣਾ ਹੈ। ਏਸ ਦੇ ਸਰੀਰ ਤੇ ਇੱਜ਼ਤ ਦੇ ਰਾਖੇ ਤੁਸੀਂ ਹੋ। ਇਸਤਰੀ-ਬਰਤ ਧਰਮ ਵਿਚ ਪੱਕੇ ਰਹਿਣਾ। ਇਸ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਤੁੱਲ ਆਦਰ ਦੇਣਾ। ਕੰਨਿਆਂ ਨੂੰ ਦੱਸਿਆ ਜਾਵੇ ਕਿ ਆਪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸੰਗਤ ਦੇ ਹਜ਼ੂਰ ਇਸ ਸੱਜਣ ਦੇ ਲੜ ਲਾਇਆ ਜਾਂਦਾ ਹੈ।

ਆਪ ਇਨ੍ਹਾਂ ਦੇ ‘ਨਿਰਮਲ ਭਉ’ ਵਿਚ ਰਹਿੰਦੇ ਹੋਏ ਇਨ੍ਹਾਂ ਨੂੰ ਹੀ ਆਪਣੇ ਸਾਰੇ ਪ੍ਰੇਮ ਤੇ ਸ਼ਰਧਾ ਦਾ ਮਾਲਕ ਸਮਝਣਾ, ਦੁਖ ਸੁਖ, ਦੇਸ ਪਰਦੇਸ ਵਿਚ ਆਪਣੇ ਪਤੀ-ਬਰਤ ਧਰਮ ਵਿਚ ਪੱਕੇ ਰਹਿਣਾ, ਸੇਵਾ ਕਰਨੀ। ਇਨ੍ਹਾਂ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਵਾਂਗ ਜਾਣਨਾ। ਉਪਦੇਸ਼ ਦੀਆਂ ਗੱਲਾਂ ਪ੍ਰਵਾਨ ਕਰਦੇ ਹੋਏ ਵਰ ਤੇ ਕੰਨਿਆਂ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ। ਫਿਰ ਲੜਕੀ ਦਾ ਪਿਤਾ ਜਾਂ ਮੁਖੀ ਸੰਬੰਧੀ ਲੜਕੇ ਦਾ ਪੱਲਾ ਲੜਕੀ ਦੇ ਹੱਥ ਫੜਾਵੇ ਤੇ ਤਾਬਿਆ ਬੈਠਾ ਸੱਜਣ ਸੂਹੀ ਮਹਲਾ 4 ਵਿਚ ਦਿੱਤੀਆਂ ਲਾਵਾਂ ਦਾ ਪਾਠ ਸੁਣਾਵੇ। ਹਰੇਕ ਲਾਂਵ ਦਾ ਪਾਠ ਹੋਣ ਮਗਰੋਂ ਅੱਗੇ ਵਰ ਤੇ ਪਿੱਛੇ ਕੰਨਿਆਂ, ਵਰ ਦਾ ਪੱਲਾ ਫੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਪ੍ਰਕਰਮਾਂ ਕਰਨ। ਪ੍ਰਕਰਮਾਂ ਕਰਨ ਸਮੇਂ ਰਾਗੀ ਜਾਂ ਸੰਗਤ ਲਾਵਾਂ ਨੂੰ ਕ੍ਰਮ ਅਨੁਸਾਰ ਸੁਰ ਨਾਲ ਗਾਈ ਜਾਣ ਅਤੇ ਵਰ ਕੰਨਿਆਂ ਹਰ ਇਕ ਲਾਂਵ ਮਗਰੋਂ ਮੱਥਾ ਟੇਕ ਕੇ ਅਗਲੀ ਲਾਂਵ ਸੁਣਨ ਲਈ ਖੜ੍ਹੇ ਹੋ ਜਾਣ। ਉਪਰੰਤ ਮੱਥਾ ਟੇਕ ਕੇ ਆਪਣੀ ਥਾਂ ’ਤੇ ਬੈਠ ਜਾਣ ਤੇ ਰਾਗੀ ਸਿੰਘ ਜਾਂ ਅਨੰਦ ਕਰਾਉਣ ਵਾਲਾ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਪਉੜੀ ਦਾ ਪਾਠ ਕਰੇ। ਫਿਰ ‘ਅਨੰਦ’ ਦੀ ਸਮਾਪਤੀ ਦਾ ਅਰਦਾਸਾ ਸੋਧਿਆ ਜਾਵੇ ਤੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।

(ਚ) ਅਨਮਤ ਵਾਲਿਆਂ ਦਾ ਵਿਆਹ ‘ਅਨੰਦ’ ਰੀਤੀ ਨਾਲ ਨਹੀਂ ਹੋ ਸਕਦਾ।
(ਛ) ਲੜਕੇ ਜਾਂ ਲੜਕੀ ਦਾ ਸੰਜੋਗ ਪੈਸਾ ਲੈ ਕੇ ਨਾ ਕਰੇ।
(ਜ) ਜੇ ਬਾਲਕੀ ਦੇ ਮਾਪੇ ਕਦਾਂਚ ਸੱਬਬ ਪਾਇ ਕੈ ਬਾਲਕੀ ਦੇ ਗ੍ਰਹਿ ਵਿਖੇ ਜਾਣ ਅਤੇ ਉਥੇ ਪ੍ਰਸ਼ਾਦਿ ਤਿਆਰ ਹੋਵੇ, ਤਾਂ ਖਾਣ ਤੋਂ ਸੰਕੋਚਣਾ ਨਹੀਂ। ਅੰਨ ਨਾ ਖਾਣਾ ਸਭ ਭਰਮ ਹੈ। ਖਾਲਸੇ ਨੂੰ, ਖਾਣਾ ਖਲਾਵਣਾ ਸ੍ਰੀ ਗੁਰੂ ਬਾਬੇ ਅਕਾਲ ਪੁਰਖ ਬਖਸ਼ਿਆ ਹੈ। ਬੇਟੀ ਬੇਟੇ ਵਾਲੇ ਆਪਸ ਮੇਂ ਖਾਂਦੇ ਰਹਿਣ, ਇਸੇ ਵਾਸਤੇ, ਜੋ ਗੁਰੂ ਨੇ ਦੋਵੇਂ ਸਾਕ ਇਕ ਕੀਤੇ ਹੈਨ।
(ਝ) ਜਿਸ ਇਸਤਰੀ ਦਾ ਭਰਤਾ ਕਾਲ-ਵੱਸ ਹੋ ਜਾਵੇ, ਉਹ ਚਾਹੇ ਤਾਂ ਯੋਗ ਵਰ ਦੇਖ ਕੇ ਪੁਨਰ ਸੰਜੋਗ ਕਰ ਲਵੇ। ਸਿੱਖ ਦੀ ਇਸਤਰੀ ਮਰ ਜਾਵੇ ਤਾਂ ਉਸ ਲਈ ਭੀ ਇਹੋ ਹੁਕਮ ਹੈ।
(ਙ) ਪੁਨਰ ਵਿਆਹ ਦੀ ਵੀ ਇਹੋ ਰੀਤ ਹੈ, ਜੋ ‘ਅਨੰਦ’ ਲਈ ਉਤੇ ਦੱਸੀ ਹੈ।
(ਟ) ਆਮ ਹਾਲਤਾਂ ਵਿਚ ਸਿੱਖ ਨੂੰ ਇਕ ਇਸਤਰੀ ਦੇ ਹੁੰਦਿਆਂ ਦੂਜਾ ਵਿਆਹ ਨਹੀਂ ਕਰਨਾ ਚਾਹੀਏ।
(ਠ) ਅੰਮ੍ਰਿਤਧਾਰੀ ਸਿੰਘ ਨੂੰ ਚਾਹੀਦਾ ਹੈ ਕਿ ਆਪਣੀ ਸਿੰਘਣੀ ਨੂੰ ਭੀ ਅੰਮ੍ਰਿਤ ਛਕਾ ਲਵੇ।

3. ਮਿਰਤਕ ਸੰਸਕਾਰ

(ੳ) ਪ੍ਰਾਣੀ ਨੂੰ ਮਰਨ ਵੇਲੇ- ਜੇ ਮੰਜੇ ’ਤੇ ਹੋਵੇ ਤਾਂ – ਹੇਠ ਨਹੀਂ ਉਤਾਰਨਾ, ਦੀਵਾ-ਵੱਟੀ, ਗਊ ਮਣਸਾਉਣਾ ਜਾਂ ਹੋਰ ਕੋਈ ਮਨਮਤ ਸੰਸਕਾਰ ਨਹੀਂ ਕਰਨਾ। ਕੇਵਲ ਗੁਰਬਾਣੀ ਦਾ ਪਾਠ ਕਰਨਾ ਜਾਂ ‘ਵਾਹਿਗੁਰੂ’ ‘ਵਾਹਿਗੁਰੂ’ ਕਰਨਾ।
(ਅ) ਪ੍ਰਾਣੀ ਦੇ ਦੇਹ ਤਿਆਗਣ ’ਤੇ ਧਾਹ ਨਹੀਂ ਮਾਰਨੀ, ਪਿੱਟਣਾ ਜਾਂ ਸਿਆਪਾ ਨਹੀਂ ਕਰਨਾ, ਮਨ ਨੂੰ ਵਾਹਿਗੁਰੂ ਦੀ ਰਜ਼ਾ ਵਿਚ ਲਿਆਉਣ ਲਈ ਗੁਰਬਾਣੀ ਦਾ ਪਾਠ ਜਾਂ ਵਾਹਿਗੁਰੂ ਦਾ ਜਾਪ ਕਰੀ ਜਾਣਾ ਚੰਗਾ ਹੈ।
(ੲ) ਪ੍ਰਾਣੀ ਭਾਵੇਂ ਛੋਟੀ ਤੋਂ ਛੋਟੀ ਉਮਰ ਦਾ ਹੋਵੇ, ਸੋ ਭੀ ਸਸਕਾਰਨਾ ਚਾਹੀਏ। ਜਿਥੇ ਸਸਕਾਰ ਦਾ ਪ੍ਰਬੰਧ ਨਾ ਹੋ ਸਕੇ ਉਥੇ ਜਲ ਪ੍ਰਵਾਹ ਜਾਂ ਹੋਰ ਤਰੀਕਾ ਵਰਤਣ ਤੋਂ ਸ਼ੰਕਾ ਨਹੀਂ ਕਰਨੀ।
(ਸ) ਸਸਕਾਰਨ ਲਈ ਦਿਨ ਜਾਂ ਰਾਤ ਦਾ ਭਰਮ ਨਹੀ ਕਰਨਾ।
(ਹ) ਮ੍ਰਿਤਕ ਸਰੀਰ ਨੂੰ ਇਸ਼ਨਾਨ ਕਰਾ ਕੇ ਸੁਅੱਸ਼ ਬਸਤ੍ਰ ਪਾਏ ਜਾਣ ਤੇ ਕਕਾਰ ਜੁਦਾ ਨ ਕੀਤੇ ਜਾਣ। ਫਿਰ ਤਖ਼ਤੇ ਉਤੇ ਪਾ ਕੇ ਚਲਾਣੇ ਦਾ ਅਰਦਾਸਾ ਸੋਧਿਆ ਜਾਵੇ। ਫਿਰ ਅਰਥੀ ਨੂੰ ਚੱੁਕ ਕੇ ਸ਼ਮਸ਼ਾਨ ਭੂਮੀ ਵੱਲ ਲਿਜਾਇਆ ਜਾਵੇ। ਨਾਲ ਵੈਰਾਗਮਈ ਸ਼ਬਦਾਂ ਦਾ ਉਚਾਰਨ ਕੀਤਾ ਜਾਵੇ। ਸਸਕਾਰ ਦੀ ਥਾਂ ’ਤੇ ਪਹੁੰਚ ਕੇ ਚਿਖਾ ਰਚੀ ਜਾਵੇ। ਫਿਰ ਸਰੀਰ ਨੂੰ ਅਗਨੀ ਭੇਟਾ ਕਰਨ ਲਈ ਅਰਦਾਸਾ ਸੋਧਿਆ ਜਾਵੇ। ਫਿਰ ਪ੍ਰਾਣੀ ਨੂੰ ਅੰਗੀਠੇ ਉਤੇ ਰੱਖ ਕੇ ਪੁੱਤਰ ਜਾਂ ਕੋਈ ਹੋਰ ਸੰਬੰਧੀ ਜਾਂ ਹਿਤੂ ਆਦਿ ਅਗਨੀ ਲਾ ਦੇਵੇ। ਸੰਗਤ ਕੁਝ ਵਿਥ ’ਤੇ ਬਹਿ ਕੇ ਕੀਰਤਨ ਕਰੇ ਜਾਂ ਵੈਰਾਗਮਈ ਸ਼ਬਦ ਪੜ੍ਹੇ। ਜਦ ਅੰਗੀਠਾ ਪੂਰੀ ਤਰ੍ਹਾਂ ਬਲ ਉਠੇ ਤਾਂ (ਕਪਾਲਿ ਕਿਿਰਆ ਆਦਿ ਕਰਨਾ ਮਨਮਤ ਹੈ), ਕੀਰਤਨ ਸੋਹਿਲੇ ਦਾ ਪਾਠ ਕਰ ਕੇ ਅਰਦਾਸਾ ਸੋਧ ਕੇ ਸੰਗਤ ਮੁੜ ਆਵੇ। ਘਰ ਆ ਕੇ ਜਾਂ ਲਾਗੇ ਦੇ ਗੁਰਦੁਆਰੇ ਵਿਚ ਪ੍ਰਾਣੀ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਜਾਵੇ ਤੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰਕੇ ਅਰਦਾਸਾ ਦਸਵੇਂ ਦਿਨ ਹੋਵੇ। ਜੇ ਦਸਵੇਂ ਦਿਨ ਨਾ ਹੋ ਸਕੇ ਤਾਂ ਹੋਰ ਕੋਈ ਦਿਨ ਸੰਬੰਧੀਆਂ ਦੇ ਸੌਖ ਨੂੰ ਮੁਖ ਰੱਖ ਕੇ ਨਿਯਤ ਕੀਤਾ ਜਾਵੇ। ਇਸ ਪਾਠ ਦੇ ਕਰਨ ਵਿਚ ਘਰ ਵਾਲੇ ਤੇ ਸੰਬੰਧੀ ਰਲ ਕੇ ਹਿੱਸਾ ਲੈਣ। ਜੇ ਹੋ ਸਕੇ ਤਾਂ ਹਰ ਰੋਜ਼ ਰਾਤ ਨੂੰ ਕੀਰਤਨ ਭੀ ਹੋਵੇ। ‘ਦੁਸਿਹਰੇ’ ਦੇ ਪਿੱਛੋਂ ਚਲਾਣੇ ਦੀ ਕੋਈ ਰਸਮ ਬਾਕੀ ਨਹੀਂ ਰਹਿੰਦੀ।
(ਕ) ਮਿਰਤਕ ਪ੍ਰਾਣੀ ਦਾ ‘ਅੰਗੀਠਾ’ ਠੰਡਾ ਹੋਣ ’ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤ ਉਠਾ ਕੇ ਜਲ ਵਿਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰ ਦਿੱਤੀ ਜਾਵੇ। ਸਸਕਾਰ ਅਸਥਾਨ ’ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾਉਣੀ ਮਨ੍ਹਾਂ ਹੈ।
(ਖ) ਅਧ ਮਾਰਗ, ਸਿਆਪਾ, ਫੂਹੜੀ, ਦੀਵਾ, ਪਿੰਡ, ਕਿਿਰਆ, ਸਰਾਧ, ਬੁਢਾ ਮਰਨਾ ਆਦਿ ਕਰਨਾ ਮਨਮਤ ਹੈ। ਅੰਗੀਠੇ ਵਿਚੋਂ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬ ਆਦਿਕ ਥਾਵਾਂ ਵਿਚ ਜਾ ਕੇ ਪਾਣੇ ਮਨਮਤ ਹੈ।

ਹੋਰ ਰੀਤੀਆਂ

ਇਨ੍ਹਾਂ ਸੰਸਕਾਰਾਂ ਤੋਂ ਛੁੱਟ ਸਮੇਂ ਸਮੇਂ ਜੋ ਭੀ ਖੁਸ਼ੀ ਗ਼ਮੀ ਦਾ ਮੌਕਾ ਆ ਬਣੇ (ਜਿਵੇਂ ਨਵੇਂ ਮਕਾਨ ਵਿਚ ਪ੍ਰਵੇਸ਼ ਕਰਨਾ, ਨਵੀਂ ਦੁਕਾਨ ਖੋਲ੍ਹਣਾ, ਬਾਲਕ ਨੂੰ ਮਦਰੱਸੇ ਪਾਉਣਾ ਆਦਿ) ਤਾਂ ਸਿੱਖ ਨੂੰ ਚਾਹੀਏ ਕਿ ਵਾਹਿਗੁਰੂ ਦੀ ਸਹਾਇਤਾ ਲਈ ਅਰਦਾਸਾ
ਸੋਧੋ। ਸਿੱਖੀ ਵਿਚ ਸਾਰੇ ਸੰਸਕਾਰਾਂ ਦਾ ਜ਼ਰੂਰੀ ਅੰਗ ਬਾਣੀ ਦਾ ਪਾਠ ਤੇ ਅਰਦਾਸਾ ਹੈ।

3. ਸੇਵਾ

ਸੇਵਾ ਸਿੱਖ ਧਰਮ ਦਾ ਇਕ ਉੱਘਾ ਅੰਗ ਹੈ। ਇਸ ਨੂੰ ਨਮੂਨੇ ਮਾਤ੍ਰ ਸਿਖਾਉਣ ਲਈ ਗੁਰਦੁਆਰਿਆਂ ’ਚ ਹੀ ਪ੍ਰਬੰਧ ਕੀਤਾ ਹੁੰਦਾ ਹੈ। ਸਾਧਾਰਨ ਰੂਪ ਇਸ ਦੇ ਇਹ ਹਨ – ਗੁਰਦੁਆਰੇ ਦਾ ਝਾੜੂ, ਲੇਪਣ, ਸੰਗਤਾਂ ਦੀ ਪਾਣੀ ਪੱਖੇ ਦੀ ਸੇਵਾ, ਲੰਗਰ ਦੀ ਸੇਵਾ, ਜੋੜੇ ਝਾੜਨਾ ਆਦਿ।

(ੳ) ਗੁਰੂ ਕਾ ਲੰਗਰ – ਇਸ ਦੇ ਦੋ ਭਾਵ ਹਨ : ਇਕ ਸਿੱਖਾਂ ਨੂੰ ਸੇਵਾ ਸਿਖਾਉਣਾ, ਦੂਜਾ, ਊਚ-ਨੀਚ, ਛੂਤ-ਛਾਤ ਦਾ ਭਰਮ ਮਿਟਾਉਣਾ।
(ਅ) ਗੁਰੂ ਕੇ ਲੰਗਰ ਵਿਚ ਬੈਠ ਕੇ ਊਚ-ਨੀਚ, ਕਿਸੇ ਜ਼ਾਤ ਜਾਂ ਵਰਣ ਦਾ ਪ੍ਰਾਣੀ ਪ੍ਰਸ਼ਾਦ ਛਕ ਸਕਦਾ ਹੈ। ਪੰਗਤ ਵਿਚ ਬਿਠਾਣ ਲੱਗਿਆਂ ਕਿਸੇ ਦੇਸ਼, ਵਰਣ, ਜ਼ਾਤ ਜਾਂ ਮਜ਼੍ਹਬ ਦਾ ਵਿਤਕਰਾ ਨਹੀਂ ਕਰਨਾ। ਹਾਂ, ਇਕ ਥਾਲੀ ਵਿਚ ਕੇਵਲ ਅੰਮ੍ਰਿਤਧਾਰੀ ਸਿੱਖ ਹੀ ਛਕ ਸਕਦੇ ਹਨ।

2. ਪੰਥਕ ਰਹਿਣੀ

1. ਗੁਰੂ ਪੰਥ
2. ਅੰਮ੍ਰਿਤ ਸੰਸਕਾਰ
3. ਤਨਖਾਹ ਲਾਉਣ ਦੀ ਵਿਧੀ
4. ਗੁਰਮਤਾ ਕਰਨ ਦੀ ਵਿਧੀ
5. ਸਥਾਨਕ ਫ਼ੈਸਲਿਆਂ ਦੀ ਅਪੀਲ

1. ਗੁਰੂ ਪੰਥ

ਸੇਵਾ, ਕੇਵਲ ਪੱਖੇ, ਲੰਗਰ ਆਦਿ ’ਤੇ ਹੀ ਨਹੀਂ ਮੁਕ ਜਾਂਦੀ, ਸਿੱਖ ਦੀ ਸਾਰੀ ਜ਼ਿੰਦਗੀ ਪਰਉਪਕਾਰ ਵਾਲੀ ਹੈ। ਸੇਵਾ, ਸਫਲ ਉਹ ਹੈ, ਜੋ ਥੋੜ੍ਹੇ ਜਤਨ ਨਾਲ ਵਧੀਕ ਤੋਂ ਵਧੀਕ ਹੋ ਸਕੇ। ਇਹ ਗੱਲ ਜਥੇਬੰਦੀ ਦੇ ਰਾਹੀਂ ਹੋ ਸਕਦੀ ਹੈ। ਸਿੱਖ ਨੇ ਇਸ ਲਈ ਸ਼ਖਸੀ ਧਰਮ ਪੂਰਾ ਕਰਦਿਆਂ ਹੋਇਆਂ ਨਾਲ ਹੀ ਪੰਥਕ ਫਰਜ਼ ਭੀ ਪੂਰੇ ਕਰਨੇ ਹਨ। ਇਸ ਜਥੇਬੰਦੀ ਦਾ ਨਾਂ ਪੰਥ ਹੈ। ਹਰ ਇਕ ਸਿੱਖ ਨੇ ‘ਪੰਥ’ ਦਾ ਇਕ ਅੰਗ ਹੋ ਕੇ ਭੀ ਆਪਣਾ ਧਰਮ ਨਿਭਾਉਣਾ ਹੈ।

(ੳ) ‘ਗੁਰੂ ਪੰਥ’: ਤਿਆਰ-ਬਰ-ਤਿਆਰ ਸਿੰਘਾਂ ਦੇ ਸਮੁੱਚੇ ਸਮੂਹ ਨੂੰ ‘ਗੁਰੂ ਪੰਥ’ ਆਖਦੇ ਹਨ। ਇਸ ਦੀ ਤਿਆਰੀ ਦਸਾਂ ਗੁਰੂ ਸਾਹਿਬਾਨ ਨੇ ਕੀਤੀ ਅਤੇ ਦਸਮ ਗੁਰੂ ਜੀ ਨੇ ਇਸ ਦਾ ਅੰਤਮ ਸਰੂਪ ਬੰਨ੍ਹ ਕੇ ਗੁਰਿਆਈ ਸੌਂਪੀ।

2. ਅੰਮ੍ਰਿਤ ਸੰਸਕਾਰ

(ੳ) ਅੰਮ੍ਰਿਤ ਛਕਾਣ ਲਈ ਇਕ ਖਾਸ ਅਸਥਾਨ ’ਤੇ ਪ੍ਰਬੰਧ ਹੋਵੇ। ਉਥੇ ਆਮ ਲੋਕਾਂ ਦਾ ਲਾਂਘਾ ਨਾ ਹੋਵੇ।
(ਅ) ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਰਕਾਸ਼ ਹੋਵੇ। ਘੱਟ ਤੋਂ ਘੱਟ ਛੇ ਤਿਆਰ-ਬਰ-ਤਿਆਰ ਸਿੰਘ ਹਾਜ਼ਰ ਹੋਣ, ਜਿਨ੍ਹਾਂ ’ਚੋਂ ਇਕ ਤਾਬਿਆ ਬੈਠੇ ਤੇ ਬਾਕੀ ਪੰਜ ਅੰਮ੍ਰਿਤ ਛਕਾਣ ਲਈ ਹੋਣ। ਇਨ੍ਹਾਂ ਵਿਚ ਸਿੰਘਣੀਆਂ ਭੀ ਹੋ ਸਕਦੀਆਂ ਹਨ। ਇਨ੍ਹਾਂ ਸਾਰਿਆਂ ਨੇ ਕੇਸੀਂ ਇਸ਼ਨਾਨ ਕੀਤਾ ਹੋਵੇ।
(ੲ) ਇੰਨ੍ਹਾਂ ਪੰਜਾਂ ਪਿਅਰਿਆਂ ਵਿਚ ਕੋਈ ਅੰਗ-ਹੀਣ (ਅੰਨ੍ਹਾਂ, ਕਾਣਾ, ਲੰਙਾ, ਲੂਲ੍ਹਾ ਜਾਂ ਦੀਰਘ ਰੋਗ ਵਾਲਾ) ਨਾ ਹੋਵੇ। ਕੋਈ ਤਨਖਾਹੀਆ ਨਾ ਹੋਵੇ। ਸਾਰੇ ਤਿਆਰ-ਬਰ-ਤਿਆਰ ਦਰਸ਼ਨੀ ਸਿੰਘ ਹੋਣ।
(ਸ) ਹਰ ਦੇਸ਼, ਹਰ ਮਜ਼੍ਹਬ ਤੇ ਜਾਤੀ ਦੇ ਹਰ ਇਸਤ੍ਰੀ ਪੁਰਸ਼ ਨੂੰ ਅੰਮ੍ਰਿਤ ਛਕਣ ਦਾ ਅਧਿਕਾਰ ਹੈ, ਜੋ ਸਿੱਖ ਧਰਮ ਗ੍ਰਹਿਣ ਕਰਨ ’ਤੇ ਉਸ ਦੇ ਅਸੂਲਾਂ ਉਪਰ ਚੱਲਣ ਦਾ ਪ੍ਰਣ ਕਰੇ। ਬਹੁਤ ਛੋਟੀ ਅਵਸਥਾ ਦਾ ਨਾ ਹੋਵੇ, ਹੋਸ਼ ਸੰਭਾਲੀ ਹੋਵੇ, ਅੰਮ੍ਰਿਤ ਛਕਣ ਵਾਲੇ ਹਰੇਕ ਪ੍ਰਾਣੀ ਨੇ ਕੇਸੀਂ ਇਸ਼ਨਾਨ ਕੀਤਾ ਹੋਵੇ ਅਤੇ ਹਰ ਇਕ ਪੰਜ ਕਕਾਰ (ਕੇਸ, ਕ੍ਰਿਪਾਨ ਗਾਤਰੇ ਵਾਲੀ, ਕਛਹਿਰਾ, ਕੰਘਾ, ਕੜਾ) ਦਾ ਧਾਰਨੀ ਹੋਵੇ। ਅਨਮਤ ਦਾ ਕੋਈ ਚਿੰਨ੍ਹ ਨਾ ਹੋਵੇ, ਸਿਰ ਨੰਗਾ ਜਾਂ ਟੋਪੀ ਨਾ ਹੋਵੇ, ਛੇਦਕ ਗਹਿਣੇ ਕੋਈ ਨਾ ਹੋਣ। ਅਦਬ ਨਾਲ ਹੱਥ ਜੋੜ ਕੇ ਸ੍ਰੀ ਗੁਰੂ ਜੀ ਦੇ ਹਜ਼ੂਰ ਖੜ੍ਹੇ ਹੋਣ।
(ਹ) ਜੇ ਕਿਸੇ ਨੇ ਕੁਰਹਿਤ ਕਰਨ ਕਰਕੇ ਮੁੜ ਅੰਮ੍ਰਿਤ ਛਕਣਾ ਹੋਵੇ ਤਾਂ ਉਸ ਨੂੰ ਅੱਡ ਕਰ ਕੇ ਸੰਗਤ ਵਿਚ ਪੰਜ ਪਿਅਰੇ ਤਨਖਾਹ ਲਾ ਲੈਣ।
(ਕ) ਅੰਮ੍ਰਿਤ ਛਕਾਉਣ ਵਾਲੇ ਪੰਜ ਪਿਆਰਿਆਂ ’ਚੋਂ ਕੋਈ ਇਕ ਸੱਜਣ ਅੰਮ੍ਰਿਤ ਛਕਣ ਦੇ ਅਭਿਲਾਖੀਆਂ ਨੂੰ ਸਿੱਖ ਧਰਮ ਦੇ ਅਸੂਲ ਸਮਝਾਵੇ. ਸਿੱਖ ਧਰਮ ਵਿਚ ਕਿਰਤਮ ਦੀ ਪੂਜਾ ਤਿਆਗ ਕੇ ਇਕ ਕਰਤਾਰ ਦੀ ਪ੍ਰੇਮਾ-ਭਗਤੀ ਤੇ ਉਪਾਸ਼ਨਾ ਦੱਸੀ ਹੈ। ਇਸ ਦੀ ਪੂਰਨਤਾ ਲਈ ਗੁਰਬਾਣੀ ਦਾ ਅਭਿਆਸ, ਸਾਧ ਸੰਗਤ ਤੇ ਪੰਥ ਦੀ ਸੇਵਾ, ਉਪਕਾਰ, ਨਾਮ ਦਾ ਪ੍ਰੇਮ ਅਤੇ ਅੰਮ੍ਰਿਤ ਛਕ ਕੇ ਰਹਿਤ-ਬਹਿਤ ਰੱਖਣਾ ਮੁਖ ਸਾਧਨ ਹਨ, ਆਦਿ, ਕੀ ਤੁਸੀਂ ਇਸ ਧਰਮ ਨੂੰ ਖੁਸ਼ੀ ਨਾਲ ਕਬੂਲ ਕਰਦੇ ਹੋ ?
(ਖ) “ਹਾਂ” ਦਾ ਜਵਾਬ ਆਉਣ ’ਤੇ ਪਿਆਰਿਆਂ ’ਚੋ ਇਕ ਸੱਜਣ ਅੰਮ੍ਰਿਤ ਦੀ ਤਿਆਰੀ ਦਾ ਅਰਦਾਸਾ ਕਰ ਕੇ ਹੁਕਮ ਲਵੇ। ਪੰਜ ਪਿਆਰੇ ਅੰਮ੍ਰਿਤ ਤਿਆਰ ਕਰਨ ਲਈ ਬਾਟੇ ਪਾਸ ਆ ਬੈਠਣ।
(ਗ) ਬਾਟਾ ਸਰਬ-ਲੋਹ ਦਾ ਹੋਵੇ ਤੇ ਚੌਂਕੀ, ਸੁਨਹਿਰੇ ਆਦਿ ਕਿਸੇ ਸਵੱਛ ਚੀਜ਼ ‘ਪੁਰ ਰਖਿਆ ਹੋਵੇ।
(ਘ) ਬਾਟੇ ਵਿਚ ਸਵੱਛ ਜਲ ਤੇ ਪਤਾਸੇ ਪਾਏ ਜਾਣ ਤੇ ਪੰਜ ਪਿਆਰੇ ਬਾਟੇ ਦੇ ਇਰਦ-ਗਿਰਦ ਬੀਰ ਆਸਨ8 ਹੋ ਕੇ ਬੈਠ ਜਾਣ।
(ਙ) ਤੇ ਇਹਨਾਂ ਬਾਣੀਆਂ ਦਾ ਪਾਠ ਕਰਨ :-
ਜਪੁ, ਜਾਪੁ, 10 ਸਵੱਯੇ (‘ਸ੍ਰਾਵਗ ਸੁਧ’ ਵਾਲੇ), ਬੇਨਤੀ ਚੌਪਈ (‘ਹਮਰੀ ਕਰੋ ਹਾਥ ਦੈ ਰੱਛਾ’ ਤੋਂ ਲੈ ਕੇ ‘ਦੁਸਟ ਦੋਖ ਤੇ ਲੇਹੁ ਬਚਾਈ’ ਤਕ), ਅਨੰਦ ਸਾਹਿਬ।
(ਚ) ਹਰ ਇਕ ਬਾਣੀ ਪੜ੍ਹਨ ਵਾਲਾ ਖੱਬਾ ਹੱਥ ਬਾਟੇ ਦੇ ਕੰਢੇ ’ਤੇ ਧਰੇ ਤੇ ਸੱਜੇ ਹੱਥ ਨਾਲ ਖੰਡਾ ਜਲ ਵਿਚ ਫੇਰੀ ਜਾਵੇ। ਸੁਰਤ ਇਕਾਗਰ ਹੋਵੇ। ਬਾਕੀ ਦਿਆਂ ਦੇ ਦੋਵੇਂ ਹੱਥ ਬਾਟੇ ਦੇ ਕੰਢੇ ’ਤੇ ਅਤੇ ਧਿਆਨ ਅੰਮ੍ਰਿਤ ਵੱਲ ਟਿਕੇ।
(ਛ) ਪਾਠ ਹੋਣ ਮਗਰੋਂ ਪਿਆਰਿਆਂ ਵਿਚੋਂ ਕੋਈ ਇਕ ਅਰਦਾਸ ਕਰੇ।
(ਜ) ਜਿਸ ਅਭਿਲਾਖੀ ਨੇ ਅੰਮ੍ਰਿਤ ਦੀ ਤਿਆਰੀ ਵੇਲੇ ਸਾਰੇ ਸੰਸਕਾਰ ’ਚ ਹਿੱਸਾ ਲਿਆ ਹੈ, ਉਹੀ ਅੰਮ੍ਰਿਤ ਛਕਣ ਵਿਚ ਸ਼ਾਮਲ ਹੋ ਸਕਦਾ ਹੈ। ਅਧਵਾਟੇ ਆਉਣ ਵਾਲਾ ਨਹੀਂ ਹੋ ਸਕਦਾ।
(ਝ) ਹੁਣ ਸ੍ਰੀ ਕਲਗੀਧਰ ਦਸ਼ਮੇਸ਼ ਪਿਤਾ ਦਾ ਧਿਆਨ ਧਰ ਕੇ ਹਰ ਇਕ ਅੰਮ੍ਰਿਤ ਛਕਣ ਵਾਲੇ ਨੂੰ ਬੀਰ-ਆਸਨ ਕਰਾ ਕੇ ਉਸ ਦੇ ਖੱਬੇ ਹੱਥ ਉਪਰ ਸੱਜਾ ਹੱਥ ਰਖਾ ਕੇ ਪੰਜ ਚੁਲੇ ਅੰਮ੍ਰਿਤ ਦੇ ਛਕਾਏ ਜਾਣ ਅਤੇ ਹਰ ਚੁਲੇ ਨਾਲ ਇਹ ਕਿਹਾ ਜਾਵੇ :-
ਬੋਲ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ।‘ ਛਕਣ ਵਾਲਾ ਛਕ ਕੇ ਕਹੇ: ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’। ਫੇਰ ਪੰਜ ਛੱਟੇ ਅੰਮ੍ਰਿਤ ਦੇ ਨੇਤਰਾਂ ‘ਪਰ ਲਾਏ ਜਾਣ। ਫੇਰ ਪੰਜ ਛੱਟੇ ਕੇਸਾਂ ਵਿਚ ਪਾਏ ਜਾਣ। ਹਰ ਇਕ ਛੱਟੇ ਨਾਲ ਛਕਣ ਵਾਲਾ ਛਕਾਉਣ ਵਾਲੇ ਦੇ ਪਿੱਛੇ ਪਿੱਛੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’ ਗਜਾਈ ਜਾਵੇ। ਜੋ ਅੰਮ੍ਰਿਤ ਬਾਕੀ ਰਹੇ, ਉਸ ਨੂੰ ਸਾਰੇ ਅੰਮ੍ਰਿਤ ਛਕਣ ਵਾਲੇ (ਸਿੱਖ ਤੇ ਸਿੱਖਣੀਆਂ) ਰਲ ਕੇ ਛਕਣ।
(ਞ) ਉਪ੍ਰੰਤ ਪੰਜੇ ਪਿਆਰੇ ਰਲ ਕੇ ਇਕੋ ਅਵਾਜ਼ ਨਾਲ ਅੰਮ੍ਰਿਤ ਛਕਣ ਵਾਲਿਆਂ ਨੂੰ ‘ਵਾਹਿਗੁਰੂ’ ਦਾ ਨਾਮ ਦੱਸ ਕੇ ਮੂਲ ਮੰਤ੍ਰ ਸੁਨਾਉਣ ਤੇ ਉਹਨਾਂ ਪਾਸੋਂ ਇਸ ਦਾ ਰਟਨ ਕਰਾਉਣ :-

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

(ਟ) ਫਿਰ ਪੰਜਾਂ ਪਿਆਰਿਆਂ ’ਚੋਂ ਕੋਈ ਸੱਜਣ ਰਹਿਤ ਦੱਸੇ-ਅੱਜ ਤੋਂ ਤੁਸੀਂ ‘ਸਤਿਗੁਰ ਕੈ ਜਨਮੇ ਗਵਨ ਮਿਟਾਇਆ’ ਹੈ ਅਤੇ ਖਾਲਸਾ ਪੰਥ ਵਿਚ ਸ਼ਾਮਲ ਹੋਏ ਹੋ। ਤੁਹਾਡਾ ਧਾਰਮਿਕ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਧਾਰਮਿਕ ਮਾਤਾ ਸਾਹਿਬ ਕੌਰ ਜੀ ਹਨ। ਜਨਮ ਆਪ ਦਾ ਕੇਸ ਗੜ੍ਹ ਸਾਹਿਬ ਦਾ ਤੇ ਵਾਸੀ ਅਨੰਦਪੁਰ ਸਾਹਿਬ ਦੀ ਹੋ। ਤੁਸੀਂ ਇਕ ਪਿਤਾ ਦੇ ਪੁੱਤਰ ਹੋਣ ਕਰਕੇ ਆਪਸ ਵਿਚ ਤੇ ਹੋਰ ਸਾਰੇ ਅੰਮ੍ਰਿਤ-ਧਾਰੀਆਂ ਦੇ ਧਾਰਮਿਕ ਭਰਾਤਾ ਹੋ। ਤੁਸੀਂ ਪਿਛਲੀ ਕੁਲ, ਕਿਰਤ, ਕਰਮ, ਧਰਮ ਦਾ ਤਿਆਗ ਕਰਕੇ ਅਰਥਾਤ ਪਿਛਲੀ ਜ਼ਾਤ-ਪਾਤ, ਜਨਮ, ਦੇਸ਼, ਮਜ਼੍ਹਬ ਦਾ ਖਿਆਲ ਤਕ ਛੱਡ ਕੇ ਨਿਰੋਲ ਖਾਲਸਾ ਬਣ ਗਏ ਹੋ। ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ, ਦੇਵਤੇ, ਅਵਤਾਰ, ਪੈਗੰਬਰ ਦੀ ਉਪਾਸ਼ਨਾ ਨਹੀਂ ਕਰਨੀ। ਦਸੋਂ ਗੁਰੂ ਸਾਹਿਬਾਨ ਨੂੰ ਤੇ ਉਨ੍ਹਾਂ ਦੀ ਬਾਣੀ ਤੋਂ ਬਿਨਾਂ ਕਿਸੇ ਹੋਰ ਨੂੰ ਆਪਣਾ ਮੁਕਤੀ ਦਾਤਾ ਨਹੀਂ ਮੰਨਣਾ। ਤੁਸੀਂ ਗੁਰਮੁਖੀ ਜਾਣਦੇ ਹੋ (ਜੇ ਨਹੀਂ ਜਾਣਦੇ ਤਾਂ ਸਿੱਖ ਲਓ) ਅਤੇ ਹਰ ਰੋਜ਼ ਘੱਟ ਤੋਂ ਘੱਟ ਇਹਨਾਂ ਨਿੱਤਨੇਮ ਦੀਆਂ ਬਾਣੀਆਂ ਦਾ ਪਾਠ ਕਰਨਾ, ਜਾਂ ਸੁਣਨਾ: ਜਪੁ, ਜਾਪੁ, 10 ਸਵੱਯੇ (ਸ੍ਰਾਵਗ ਸੁਧ ਵਾਲੇ), ਸੋ ਦਰੁ ਰਹਰਾਸਿ ਤੇ ਸੋਹਿਲਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਜਾਂ ਸੁਣਨਾ, ਪੰਜਾਂ ਕੱਕਿਆਂ – ਕੇਸ, ਕ੍ਰਿਪਾਨ9, ਕਛਹਿਰਾ10, ਕੰਘਾ, ਕੜਾ11 ਨੂੰ ਹਰ ਵੇਲੇ ਅੰਗ-ਸੰਗ ਰੱਖਣਾ।

ਇਹ ਚਾਰ ਕੁਰਹਿਤਾਂ ਨਹੀਂ ਕਰਨੀਆਂ :-
1) ਕੇਸਾਂ ਦੀ ਬੇ-ਅਦਬੀ।
2) ਕੁੱਠਾ12 ਖਾਣਾ।
3) ਪਰ-ਇਸਤ੍ਰੀ ਜਾਂ ਪਰ-ਪੁਰਸ਼ ਦਾ ਗਮਨ (ਭੋਗਣਾ)।
4) ਤਮਾਕੂ ਦਾ ਵਰਤਣਾ।

ਇਨ੍ਹਾਂ ਵਿਚੋਂ ਕੋਈ ਕੁਰਹਿਤ ਹੋ ਜਾਵੇ ਤਾਂ ਮੁੜ ਕੇ ਅੰਮ੍ਰਿਤ ਛਕਣਾ ਪਏਗਾ। ਆਪਣੀ ਇੱਛਾ ਵਿਰੁੱਧ ਅਨਭੋਲ ਹੀ ਕੋਈ ਕੁਰਹਿਤ ਹੋ ਜਾਵੇ ਤਾਂ ਕੋਈ ਦੰਡ ਨਹੀਂ। ਸਿਰਗੁੰਮ (ਕੇਸਧਾਰੀ ਹੋ ਕੇ ਜੋ ਕੇਸ ਕਟਾ ਦੇਵੇ) ਨੜੀ ਮਾਰ (ਜੋ ਸਿੱਖ ਹੋ ਕੇ ਇਹ ਕੰਮ ਕਰਨ) ਦਾ ਸੰਗ ਨਹੀਂ ਕਰਨਾ। ਪੰਥ ਸੇਵਾ ਅਤੇ ਗੁਰਦੁਆਰਿਆਂ ਦੀ ਟਹਿਲ ਵਿਚ ਤਤਪਰ ਰਹਿਣਾ, ਆਪਣੀ ਕਮਾਈ ਵਿਚੋਂ ਗੁਰੂ ਕਾ ਦਸਵੰਧ ਦੇਣਾ ਆਦਿ ਸਾਰੇ ਕੰਮ ਗੁਰਮਤਿ ਅਨੁਸਾਰ ਕਰਨੇ।

ਖਾਲਸਾ ਧਰਮ ਦੇ ਨਿਯਮਾਂ ਅਨੁਸਾਰ ਅਨੁਸਾਰ ਜਥੇਬੰਦੀ ਵਿਚ ਇਕ ਸੂਤ ਪਰੋਏ ਰਹਿਣਾ, ਰਹਿਤ ਵਿਚ ਕੋਈ ਭੁੱਲ ਹੋ ਜਾਵੇ ਤਾਂ ਖਾਲਸੇ ਦੇ ਦੀਵਾਨ ਵਿਚ ਹਾਜ਼ਰ ਹੋ ਕੇ ਬੇਨਤੀ ਕਰ ਕੇ ਤਨਖਾਹ ਬਖਸ਼ਾਉਣੀ। ਅੱਗੇ ਲਈ ਸਾਵਧਾਨ ਰਹਿਣਾ।
(ਠ) 1. ਮੀਣੇ, ਮਸੰਦ, ਧੀਰਮੱਲੀਏ, ਰਾਮਰਾਈਏ, ਆਦਿਕ ਪੰਥ ਵਿਰੋਧੀਆਂ ਨਾਲ ਜਾਂ ਨੜੀ ਮਾਰ, ਕੁੜੀ ਮਾਰ, ਸਿਰਗੁੰਮ ਨਾਲ ਵਰਤਨ ਵਾਲਾ ਤਨਖਾਹੀਆ ਹੋ ਜਾਂਦਾ ਹੈ।
2. ਬੇ-ਅੰਮ੍ਰਿਤੀਏ ਜਾਂ ਪਤਿਤ ਦਾ ਜੂਠਾ ਖਾਣ ਵਾਲਾ।
3. ਦਾਹੜਾ ਰੰਗਣ ਵਾਲਾ।
4. ਪੁੱਤਰ ਜਾਂ ਧੀ ਦਾ ਸਾਕ ਮੁੱਲ ਲੈ ਕੇ ਜਾਂ ਦੇ ਕੇ ਕਰਨ ਵਾਲਾ।
5. ਕੋਈ ਨਸ਼ਾ (ਭੰਗ, ਅਫੀਮ, ਸ਼ਰਾਬ, ਪੋਸਤ, ਕੁਕੀਨ, ਆਦਿ) ਵਰਤਣ ਵਾਲਾ।
6. ਗੁਰਮਤਿ ਤੋਂ ਵਿਰੁੱਧ ਕੋਈ ਸੰਸਕਾਰ ਕਰਨ ਕਰਾਉਣ ਵਾਲਾ।
7. ਰਹਿਤ ਵਿਚ ਕੋਈ ਭੁੱਲ ਕਰਨ ਵਾਲਾ।
(ਡ) ਇਹ ਸਿਿਖਆ ਦੇਣ ਤੋਂ ਉਪ੍ਰੰਤ ਪੰਜਾਂ ਪਿਆਰਿਆਂ ਵਿਚੋਂ ਕੋਈ ਸੱਜਣ ਅਰਦਾਸਾ ਕਰੇ।
(ਢ) ਫਿਰ ਤਾਬਿਆ ਬੈਠਾ ਸਿੰਘ ‘ਹੁਕਮ’ ਲਵੇ, ਜਿਨ੍ਹਾਂ ਨੇ ਅੰਮ੍ਰਿਤ ਛਕਿਆ ਹੈ, ਉਹਨਾਂ ਵਿਚੋਂ ਜੇ ਕਿਸੇ ਦਾ ਨਾਮ ਅੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਨਹੀਂ ਰੱਖਿਆ ਹੋਇਆ, ਉਸ ਦਾ ਨਾਮ ਹੁਣ ਬਦਲਾ ਕੇ ਰੱਖਿਆ ਜਾਵੇ।
(ਣ) ਅੰਤ ਵਿਚ ਕੜਾਹ ਪ੍ਰਸ਼ਾਦਿ ਵਰਤੇ। ਜਹਾਜ਼ ਚੜ੍ਹੇ ਸਾਰੇ ਸਿੰਘ ਤੇ ਸਿੰਘਣੀਆਂ ਇਕੋ ਬਾਟੇ ਵਿਚੋਂ ਕੜਾਹ ਪ੍ਰਸ਼ਾਦਿ ਰਲ ਕੇ ਛਕਣ।

3. ਤਨਖਾਹ ਲਾਉਣ ਦੀ ਵਿਧੀ

(ੳ) ਜਿਸ ਕਿਸੇ ਸਿੱਖ ਪਾਸੋਂ ਰਹਿਤ ਦੀ ਕੋਈ ਭੁੱਲ ਹੋ ਜਾਵੇ ਤਾਂ ਉਹ ਨੇੜੇ ਦੀ ਗੁਰ-ਸੰਗਤ ਪਾਸ ਹਾਜ਼ਰ ਹੋਵੇ ਅਤੇ ਸੰਗਤ ਦੇ ਸਨਮੁੱਖ ਖੜ੍ਹੋ ਕੇ ਆਪਣੀ ਭੁੱਲ ਮੰਨੇ।
(ਅ) ਗੁਰ-ਸੰਗਤ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰੇ ਚੁਣੇ ਜਾਣ, ਜੋ ਪੇਸ਼ ਹੋਏ ਸੱਜਣ ਦੀ ਭੁੱਲ ਨੂੰ ਵਿਚਾਰ ਕੇ ਗੁਰ-ਸੰਗਤ ਪਾਸ ਤਨਖਾਹ (ਦੰਡ) ਤਜਵੀਜ਼ ਕਰਨ।
(ੲ) ਸੰਗਤ ਨੂੰ ਬਖਸ਼ਣ ਵੇਲੇ ਹਠ ਨਹੀਂ ਕਰਨਾ ਚਾਹੀਦਾ। ਨਾ ਹੀ ਤਨਖਾਹ ਲੁਆਉਣ ਵਾਲੇ ਨੂੰ ਦੰਡ ਭਰਨ ਵਿਚ ਅੜੀ ਕਰਨੀ ਚਾਹੀਦੀ ਹੈ। ਤਨਖਾਹ ਕਿਸੇ ਕਿਸਮ ਦੀ ਸੇਵਾ, ਖਾਸ ਕਰਕੇ ਜੋ ਹੱਥਾਂ ਨਾਲ ਕੀਤੀ ਜਾ ਸਕੇ, ਲਾਉਣੀ ਚਾਹੀਏ।
(ਸ) ਅੰਤ ਸੋਧ ਦੀ ਅਰਦਾਸ ਹੋਵੇ।

4. ਗੁਰਮਤਾ ਕਰਨ ਦੀ ਵਿਧੀ

(ੳ) ਗੁਰਮਤਾ ਕੇਵਕ ਉਨ੍ਹਾਂ ਸਵਾਲਾਂ ’ਤੇ ਹੀ ਹੋ ਸਕਦਾ ਹੈ, ਜੋ ਸਿੱਖ ਧਰਮ ਦੇ ਮੁੱਢਲੇ ਅਸੂਲਾਂ ਦੀ ਪੁਸ਼ਟੀ ਲਈ ਹੋਣ, ਅਰਥਾਤ ਗੁਰੂ ਸਾਹਿਬਾਨ ਜਾਂ ਗੁਰੂ ਗ੍ਰੰਥ ਸਾਹਿਬ ਦੀ ਪਦਵੀ, ਬੀੜ ਦੀ ਨਿਰੋਲਤਾ, ਅੰਮ੍ਰਿਤ, ਰਹਿਤ-ਬਹਿਤ, ਪੰਥ ਦੀ ਬਨਾਵਟ ਆਦਿ ਨੂੰ ਕਾਇਮ ਰੱਖਣ ਬਾਬਤ। ਹੋਰ ਕਿਸੇ ਕਿਸਮ ਦੇ ਸਾਧਾਰਨ (ਧਾਰਮਿਕ, ਵਿਿਦਅਕ, ਸਮਾਜਕ, ਪੁਲੀਟੀਕਲ) ਸਵਾਲ ਉੱਤੇ ਕੇਵਲ ਮਤਾ ਹੋ ਸਕਦਾ ਹੈ।
(ਅ) ਇਹ ਗੁਰਮਤਾ ਗੁਰੂ ਪੰਥ ਦਾ ਚੁਣਿਆ ਹੋਇਆ ਕੇਵਲ ਸ਼੍ਰੋਮਣੀ ਜਥਾ ਜਾਂ ਗੁਰੂ-ਪੰਥ ਦਾ ਪ੍ਰਤੀਨਿਧ ਇਕੱਠ ਹੀ ਕਰ ਸਕਦਾ ਹੈ।

5. ਸਥਾਨਕ ਫੈਸਲਿਆਂ ਦੀ ਅਪੀਲ

ਸਥਾਨਕ ਗੁਰ-ਸੰਗਤਾਂ ਦੇ ਫੈਸਲਿਆਂ ਦੀ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹੋ ਸਕਦੀ ਹੈ।

THE REVIEW

Related Entries

Shaheedi Diwas Vadde Sahibzade 2023

admin

Shaheedi Diwas Chhote Sahibzade 2023 History, Quotes, Images

admin

Does Sikhism Allow Eating Meat?

admin

When Samarth Ramdas met Sikh Guru Hargobind Sahib Ji!

admin

Leave a Comment